
ਮਹਿਤਪੁਰ (ਜਲੰਧਰ), 9 ਦਸੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅਧਿਆਤਮਿਕਤਾ ਦੇ ਕੇਂਦਰ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇ।
ਫੇਰੀ ਦੌਰਾਨ ਰਾਜਪਾਲ ਪੰਜਾਬ ਨੂੰ ਬਾਬਾ ਬਲਦੇਵ ਸਿੰਘ ਜੀ, ਸਟੇਟ ਇਨਫਰਮੇਸ਼ਨ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਅਤੇ ਉਘੇ ਆਰਕੀਟੈਕਟ ਰਾਜੋਧ ਸਿੰਘ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਅਧਿਆਤਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਅਧਿਆਤਮਿਕ ਮਿਸ਼ਨ ਨੂੰ ਸਾਲ 2021 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਏਕਤਾ, ਸ਼ਾਂਤੀ ਅਤੇ ਮਾਨਵਤਾ ਨੂੰ ਪ੍ਰੇਮ ਕਰਨ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਗੋਬਿੰਦ ਸਾਗਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਸੀ, ਜੋ ਕਿ ਮਨੁੱਖਤਾ ਦੀ ਭਲਾਈ ਲਈ ਵਿਸ਼ਵ ਪੱਧਰ ’ਤੇ ਸੇਵਾ ਨਿਭਾਅ ਰਿਹਾ ਹੈ।
ਇਸ ਮੌਕੇ ਰਾਜਪਾਲ ਪੰਜਾਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਤੇ ਦਇਆ ਦੇ ਸੰਦੇਸ਼ ਦੇ ਪ੍ਰਚਾਰ ਲਈ ਬਾਬਾ ਬਲਦੇਵ ਸਿੰਘ ਜੀ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ ਵੀ ਮੌਜੂਦ ਸਨ।