ਖਨੌਰੀ, 26 ਦਸੰਬਰ : ਪੰਜਾਬ ਸਰਕਾਰ ਦੇ ਮੰਤਰੀਆਂ ਦੀ ਇਕ ਟੀਮ ਬੀਤੀ ਸ਼ਾਮ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਮਿਲੀ। ਪੰਜਾਬ ਦੇ 8 ਕੈਬਨਿਟ ਮੰਤਰੀਆਂ ਦੀ ਟੀਮ ਨੇ ਖਨੌਰੀ ਬਾਰਡਰ ‘ਤੇ ਪਹੁੰਚ ਕੇ ਸ੍ਰ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕੀਤੀ।
ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰੀ ਤਰਾਂ ਹਮਾਇਤ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ‘ਤੇ ਵੀ ਮੰਗਾਂ ਮੰਨਣ ਲਈ ਪੂਰਾ ਜੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲਾ ਨੂੰ ਕਿਹਾ ਕਿ ਉਨ੍ਹਾਂ ਦੀ ਸਿਹਤ ਸਭ ਤੋਂ ਜਰੂਰੀ ਹੈ। ਸੰਘਰਸ਼ ਦੀ ਕਾਮਯਾਬੀ ਵੀ ਲੀਡਰਾਂ ਨਾਲ ਹੀ ਹੁੰਦੀ ਹੈ ਅਤੇ ਆਗੂ ਤੋਂ ਬਿਨਾਂ ਸੰਘਰਸ਼ ਵੀ ਕਾਮਯਾਬ ਨਹੀਂ ਹੁੰਦੇ। ਇਸ ਲਈ ਅੱਜ ਦੀ ਘੜ੍ਹੀ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਦੀ ਤੰਦਰੁਸਤੀ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲਾ ਨੂੰ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਭੁੱਖ ਹੜਤਾਲ ਤੋੜਨ ਲਈ ਜਾਂ ਉਨ੍ਹਾਂ ਦੇ ਸੰਘਰਸ਼ ਨੂੰ ਕਿਸੇ ਕਿਸਮ ਦੀ ਢਾਹ ਨਹੀਂ ਲਾਉਣਾ ਚਾਹੁੰਦੀ, ਪਰ ਉਨ੍ਹਾਂ ਦੀ ਸਿਹਤ ਲਈ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਚਾਹੁੰਦੀ ਹੈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲਾ ਨੇ ਵੀ ਅਮਨ ਅਰੋੜਾ ਅਤੇ ਬਾਕੀ ਮੰਤਰੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਕੈਬਨਿਟ ਮੰਤਰੀਆਂ ਨੇ ਬਾਕੀ ਕਿਸਾਨ ਆਗੂਆਂ ਨਾਲ ਵੀ ਗੱਲਬਾਤ ਕੀਤੀ। ਕੈਬਨਿਟ ਮੰਤਰੀਆਂ ਦੀ ਟੀਮ ਵਿਚ ਪਾਰਟੀ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੋਂਧ, ਬਰਿੰਦਰ ਗੋਇਲ ਤੋਂ ਇਲਾਵਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸ਼ਾਮਲ ਸਨ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਹੈ। ਸਰਕਾਰ ਵਲੋਂ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ, ਪਰ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਮੇਸ਼ਾਂ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਕਾਮਯਾਬ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਹਮੇਸ਼ਾਂ ਉਨ੍ਹਾਂ ਦੇ ਨਾਲ ਹੈ।