Saturday, December 20Malwa News
Shadow

ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 20 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ – ਨਸ਼ੀਲੇ ਪਦਾਰਥਾਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ – ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ (ਕਾਸੋ) ਚਲਾਇਆ, ਜੋ ਕਿ ਸੂਬੇ ਵਿੱਚ ਸਫਲਤਾਪੂਰਵਕ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ 294ਵੇਂ ਦਿਨ ਚਲਾਇਆ ਗਿਆ ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਇਹ ‘ਕਾਸੋ’ ਅਭਿਆਨ ਚਲਾਇਆ  ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 494 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ  ਜਿਸ ਤਹਿਤ 153 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 132 ਐਫ.ਆਈ.ਆਰਜ਼. ਦਰਜ ਹੋਈਆਂ। ਉਨ੍ਹਾਂ ਕਿਹਾ ਕਿ 162 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 700 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਅਫੀਮ, 500 ਗ੍ਰਾਮ ਗਾਂਜਾ, 5 ਕਿਲੋ ਭੁੱਕੀ, 1310 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜਿਕਰਯੋਗ ਹੈ ਕਿ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਦੇ 173 ਬੱਸ ਅੱਡਿਆਂ ਅਤੇ 120 ਰੇਲਵੇ ਸਟੇਸ਼ਨਾਂ ਦੀ ਜਾਂਚ ਵੀ ਕੀਤੀ।