
ਚੰਡੀਗੜ੍ਹ, 4 ਫਰਵਰੀ : ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਕੁਦਰਤੀ ਆਫਤਾਂ ਦਾ ਮੁਕਾਬਲਾ ਕਰਨ ਲਈ ਮੁਹਾਰਤ ਹਾਸਲ ਕਰਵਾਉਣ ਲਈ ਨਵੀਂ ਪਹਿਲਕਦਮੀ ਕੀਤੀ ਗਈ ਹੈ। ਸਕੂਲਾਂ ਵਿਚ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਅਤੇ ਐਮਰਜੰਸੀ ਹਾਲਾਤਾਂ ਨਾਲ ਨਜਿੱਠਣ ਦੀ ਟਰੇਨਿੰਗ ਦੇਣ ਲਈ 4 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੁਦਤਰੀ ਆਫਤਾਂ ਅਤੇ ਰੋਜ਼ਾਨਾਂ ਜ਼ਿੰਦਗੀ ਵਿਚ ਵਾਪਰਣ ਵਾਲੀਆਂ ਘਟਨਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਵਾਰ ਬਿਜਲੀ ਦੇ ਕਰੰਟ ਲੱਗਣ ਜਾਂ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਬਾਰੇ ਵਿਦਿਆਰਥੀਆਂ ਨੂੰ ਇਸਦੇ ਬਚਾਅ ਦੀ ਪੂਰੀ ਜਾਣਕਾਰੀ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਕਿਸੇ ਤਰਾਂ ਦਾ ਹਾਦਸਾ ਵਾਰਪਣ ‘ਤੇ ਵੀ ਬਚਾਅ ਲਈ ਵਿਦਿਆਰਥੀਆਂ ਨੂੰ ਪੂਰੀ ਜਾਣਕਾਰੀ ਹੋਣੀ ਲਾਜ਼ਮੀ ਹੈ। ਇਸ ਲਈ ਸਾਰੇ ਸਕੂਲਾਂ ਵਿਚ ਪੁਲੀਸ, ਫਾਇਰ ਸੇਫਟੀ, ਮਹਿਲਾ ਹੇਲਪ ਲਾਈਨ, ਚਾਈਲਡ ਹੈਲਪ ਲਾਈਨ, ਟਰੈਫਿਕ ਹੈਲਪ ਲਾਈਨ ਆਦਿ ਫੋਨ ਨੰਬਰ ਅਤੇ ਹੋਰ ਜਾਣਕਾਰੀ ਲਈ ਸਾਰੇ ਸਕੂਲਾਂ ਵਿਚ ਡਿਸਪਲੇਅ ਬੋਰਡ ਲਗਾਏ ਜਾਣਗੇ। ਇਸੇ ਤਰਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਬਿਜਲੀ ਲੱਗਣ ਦੀਆਂ ਘਟਨਾਵਾਂ ਨਾਲ ਨਿਪਟਣ ਬਾਰੇ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਹਰ ਤਰਾਂ ਦੇ ਸੰਕਟ ਨਾਲ ਨਜਿੱਠਣ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਸਬੰਧੀ ਅਧਿਆਪਕਾਂ ਨੂੰ ਵੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ।