
ਗੁਰਦਾਸਪੁਰ, 12 ਫਰਵਰੀ () -ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ।
ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ, ਸਮੁੱਚੇ ਸਫਾਈ ਪ੍ਰਬੰਧਾਂ ਦੀ ਲਈ ਜਾਣਕਾਰੀ ਅਤੇ ਡਿੱਪੂਆਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਿੱਥੇ ਵੀ ਢੁਕਵੀਂ ਜ਼ਮੀਨ ਉਪਲਬਧ ਹੈ, ਉੱਥੇ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਪ੍ਰਦਾਨ ਕਰਨ ਲਈ ਰਸੋਈ ਦੇ ਬਗੀਚੇ ਵਿਕਸਤ ਕੀਤੇ ਜਾਣ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਜਗ੍ਹਾ ਉਪਲੱਬਧ ਹੈ, ਉਨ੍ਹਾਂ ਸਕੂਲਾਂ ਵਿੱਚ ਉਹ ਬਾਗਬਾਨੀ ਵਿਭਾਗ, ਆਯੁਰਵੈਦਿਕ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਫਲਦਾਰ, ਹਰਬਲ ਅਤੇ ਸਬਜ਼ੀਆਂ ਦੇ ਗਾਰਡਨ ਬਣਾਉਣ ਤਾਂ ਜੋ ਬੱਚਿਆਂ ਨੂੰ ਖਾਣ ਲਈ ਪੋਸ਼ਟਿਕ ਆਹਾਰ ਮੁਹੱਈਆ ਹੋ ਸਕੇ।
ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਿੱਖਿਆ ਅਧਿਕਾਰੀਆਂ ਨੂੰ ਬੱਚਿਆਂ ਦਾ ਰੈਗੂਲਰ ਹੈਲਥ ਚੈੱਕਅੱਪ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਮਿੱਡ ਡੇ ਮੀਲ ਕੁੱਕਾਂ ਨੂੰ ਸਿਖਲਾਈ ਦੇਣ ਲਈ ਸਲਾਨਾ ਕੈਲੰਡਰ ਬਣਾਉਣ ਲਈ ਕਿਹਾ ਤਾਂ ਵਜੋ ਉਨ੍ਹਾਂ ਨੂੰ ਖਾਣੇ ਨਾਲ ਸਬੰਧਤ ਜਰੂਰੀ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਉਨਾ ਜ਼ਿਲ੍ਹੇ ਵਿੱਚ ਨਵੀਆਂ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਜਾਣਕਾਰੀ ਲਈ ਅਤੇ ਕਿਹਾ ਕਿ ਨਿਯਮਿਤ ਸਮੇਂ ਅੰਦਰ ਉਸਾਰੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡੀ.ਐੱਫ.ਐੱਸ.ਸੀ ਅਧਿਕਾਰੀਆਂ ਕੋਲੇ ਡਿੱਪੂਆਂ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਡਿੱਪੂਆਂ ਦੇ ਬਾਹਰ ਡਿਸਪਲੇਅ ਬੋਰਡ ਲਗਾਏ ਜਾਣ ਨੂੰ ਸੁਨਿਸ਼ਚਿਤ ਕੀਤਾ ਜਾਵੇ।
ਉਨ੍ਹਾਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਹੈਲਪਲਾਈਨ ਅਤੇ ਸ਼ਿਕਾਇਤ ਨੰਬਰ 9876 764545 ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਰਾਸ਼ਨ ਡਿਪੂਆਂ ‘ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਲਈ ਕਿਹਾ, ਤਾਂ ਜੋ ਆਮ ਜਨਤਾ ਅਤੇ ਲਾਭਪਾਤਰੀ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਮਾਣਯੋਗ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਾਰੀਆਂ ਭਲਾਈ ਸਕੀਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਹੋਰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸਹਾਇਕ ਫੂਡ ਕਮਿਸ਼ਨਰ ਡਾ. ਜੀ.ਐਸ. ਪੰਨੂ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਗੁਰਦਾਸਪੁਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।