
ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਦੇ ਲਗਾਤਾਰ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਇੱਕ ਹਫ਼ਤਾ ਪੰਜਾਬ ਵਿੱਚ ਅਤੇ ਦੋ ਹਫ਼ਤੇ ਫਿਨਲੈਂਡ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇੱਛੁਕ ਅਧਿਆਪਕ 2 ਫਰਵਰੀ, 2025 ਦੀ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ‘ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਮੰਤਰੀ ਨੇ ਦੱਸਿਆ ਕਿ ਸਿਖਲਾਈ ਲਈ ਚੁਣੇ ਗਏ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦਕਿ ਇਹ ਐਚ.ਟੀ., ਸੀ.ਐਚ.ਟੀ. ਅਤੇ ਬੀ.ਪੀ.ਈ.ਓ. ਅਹੁਦਿਆਂ ਲਈ ਵੱਧ ਤੋਂ ਵੱਧ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਅਰਜ਼ੀ ਦੇਣ ਵਾਲਿਆਂ ਕੋਲ ਵੈਧ ਭਾਰਤੀ ਪਾਸਪੋਰਟ ਹੋਣਾ ਜ਼ਰੂਰੀ ਹੈ, ਜਿਸ ਦੀ ਵੈਧਤਾ ਘੱਟੋ-ਘੱਟ ਸਤੰਬਰ 2025 ਤੱਕ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ, ਉਮੀਦਵਾਰਾਂ ਦੇ ਵਿਰੁੱਧ ਕੋਈ ਲੰਬਿਤ ਚਾਰਜਸ਼ੀਟ, ਜਾਂਚ ਜਾਂ ਫੌਜਦਾਰੀ ਮਾਮਲਾ ਨਹੀਂ ਹੋਣਾ ਚਾਹੀਦਾ।
ਇਸ ਤੋਂ ਇਲਾਵਾ, ਅਰਜ਼ੀ ਦੇਣ ਵਾਲਿਆਂ ਨੂੰ ਉਨ੍ਹਾਂ ਦੀ ਉੱਤਮ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ 20 ਸਿਫਾਰਸ਼ਾਂ ਜਾਂ ਹਵਾਲੇ ਪੇਸ਼ ਕਰਨੇ ਹੋਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਪੁਰਾਣੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਦਿੱਤੇ ਗਏ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਪੜਤਾਲ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਸ. ਬੈਂਸ ਨੇ ਦੱਸਿਆ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਜਾਣਗੇ। ਦੂਜੇ ਗੇੜ ਵਿੱਚ ਵਿੱਦਿਅਕ ਯੋਗਤਾ, ਤਜਰਬਾ, ਏ.ਸੀ.ਆਰ. (ਸਲਾਨਾ ਗੁਪਤ ਰਿਪੋਰਟ), ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਪ੍ਰਦਰਸ਼ਨ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ‘ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।
ਯੋਗ ਅਧਿਆਪਕਾਂ ਨੂੰ ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਅਧਿਆਪਕਾਂ ਦੀ ਕਾਬਲੀਅਤ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਬਣਾਇਆ ਜਾ ਸਕੇ।