
ਨਵੰਬਰ ਦਾ ਮਹੀਨੇ ਦੇ ਅੰਤ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਜਿੱਥੇ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਹੈ, ਉੱਥੇ ਹੀ ਉੱਤਰੀ ਭਾਰਤ ਵਿੱਚ ਠੰਢ ਤੇ ਸੰਘਣੀ ਧੁੰਦ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ।
ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਵੱਲੋਂ 25 ਨਵੰਬਰ ਲਈ ਜਾਰੀ ਤਾਜ਼ਾ ਭਵਿੱਖਬਾਣੀ ਮੁਤਾਬਕ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਕਈ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
ਪੰਜਾਬ ਅਤੇ ਹਿਮਾਚਲ ਵਿੱਚ ਸੰਘਣੀ ਧੁੰਦ ਦਾ ਅਲਰਟ
ਉੱਤਰੀ ਭਾਰਤ ਵਿੱਚ ਠੰਢ ਦੇ ਨਾਲ-ਨਾਲ ਧੁੰਦ ਵੀ ਵਧਣ ਲੱਗੀ ਹੈ। ਮੌਸਮ ਵਿਭਾਗ ਨੇ 25 ਨਵੰਬਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ 27 ਨਵੰਬਰ ਤੱਕ ਅਤੇ ਹਿਮਾਚਲ ਪ੍ਰਦੇਸ਼ ਵਿੱਚ 26 ਨਵੰਬਰ ਤੱਕ ਸੰਘਣੀ ਧੁੰਦ ਪੈ ਸਕਦੀ ਹੈ। ਇਸ ਕਾਰਨ ਸਵੇਰ ਵੇਲੇ ਸੜਕਾਂ ’ਤੇ ਦੂਰ ਤੱਕ ਦੇਖਣ ਵਿੱਚ ਮੁਸ਼ਕਲ ਆਵੇਗੀ, ਇਸ ਲਈ ਵਾਹਨ ਚਾਲਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਵੀ 26 ਅਤੇ 27 ਨਵੰਬਰ ਨੂੰ ਸੰਘਣੀ ਧੁੰਦ ਪੈ ਸਕਦੀ ਹੈ।
ਦੱਖਣੀ ਭਾਰਤ ਦੇ 5 ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਅਨੁਸਾਰ 25 ਨਵੰਬਰ ਨੂੰ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਵੀ ਖ਼ਦਸ਼ਾ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਕੇਰਲ, ਮਾਹੇ ਅਤੇ ਲਕਸ਼ਦੀਪ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਦੱਖਣੀ ਅੰਦਰੂਨੀ ਕਰਨਾਟਕ ਵਿੱਚ ਵੀ ਬਿਜਲੀ ਦੀ ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ।
ਦਿੱਲੀ-ਐੱਨ.ਸੀ.ਆਰ. ਵਿੱਚ ਵਧੇਗੀ ਠੰਢ; ਸਵੇਰੇ ਰਹੇਗੀ ਧੁੰਦ
ਕੌਮੀ ਰਾਜਧਾਨੀ ਦਿੱਲੀ ਅਤੇ ਐੱਨ.ਸੀ.ਆਰ. ਵਿੱਚ 25 ਨਵੰਬਰ ਨੂੰ ਅਸਮਾਨ ਜ਼ਿਆਦਾਤਰ ਸਾਫ਼ ਰਹੇਗਾ, ਪਰ ਸਵੇਰ ਵੇਲੇ ਹਲਕੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦਿੱਲੀ ਦੇ ਘੱਟੋ-ਘੱਟ ਤਾਪਮਾਨ ਵਿੱਚ ਲਗਪਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਫ਼ਰਕ ਨਹੀਂ ਪਵੇਗਾ। ਦਿਨ ਵੇਲੇ ਧੁੱਪ ਨਿਕਲਣ ਦੇ ਬਾਵਜੂਦ ਰਾਤ ਅਤੇ ਸਵੇਰ ਵੇਲੇ ਠੰਢ ਜ਼ਿਆਦਾ ਮਹਿਸੂਸ ਹੋਵੇਗੀ।