ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਚ ਇਸ ਵਾਰ ਝੋਨੇ ਦੇ ਝਾੜ ਵਿਚ 1.4 ਕੁਇੰਟਲ ਪ੍ਰਤੀ ਹੈਕਟੇਅਰ ਦਾ ਔਸਤ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 97 ਪ੍ਰਤੀਸ਼ਤ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਰੇ ਪੰਜਾਬ ਵਿਚੋਂ ਲਏ ਗਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਝੋਨੇ ਦੀ ਫਸਲ ਦੇ ਝਾੜ ਵਿਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਅ ਕਿ ਕਣਕ ਦੀ ਬਿਜਾਈ ਲਈ ਇਸ ਵੇਲੇ ਪੰਜਾਬ ਵਿਚ 4.20 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਉਪਲਭਦ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਖੇਤੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।