
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜਿੰਦਗੀ ਵਿਚ ਪੰਜਾਬੀ ਭਾਸ਼ਾ ਨੂੰ ਪੂਰੀ ਤਰਾਂ ਅਪਣਾਉਣ ਦੀ ਅਪੀਲ ਕੀਤੀ। ਅੱਜ ਇਥੇ ਮਾਂ ਬੋਲੀ ਦਿਵਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਮਾਂ ਬੋਲੀ ਦੀ ਪਛਾਣ ਹਰ ਖੇਤਰ ਵਿਚ ਹੀ ਅਹਿਮ ਸਥਾਨ ਰੱਖਦੀ ਹੈ ਕਿਉਂਕਿ ਮਾਂ ਬੋਲੀ ਗਿਆਨ ਸਾਂਝਾ ਕਰਨ ਅਤੇ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਮੁੱਖ ਸਾਧਨ ਦੀ ਭੂਮਿਕਾ ਨਿਭਾਉਂਦੀ ਹੈ।
ਸ੍ਰ ਬੈਂਸ ਨੇ ਕਿਹਾ ਕਿ ਮਾਂ ਬੋਲੀ ਵਿਚ ਹਾਸਲ ਕੀਤਾ ਗਿਆ ਗਿਆਨ ਸਮਝਣ ਵਿਚ ਆਸਾਨ ਅਤੇ ਚਿਰਸਥਾਈ ਹੁੰਦਾ ਹੈ, ਜੋ ਪ੍ਰਭਾਵਸ਼ਾਲੀ ਅਤੇ ਮਿਆਰੀ ਸਿੱਖਿਆ ਲਈ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮਾਂ ਬੋਲੀ ਰਾਹੀਂ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਵੀ ਵਧਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਲ 2020 ਤੋਂ 2024 ਤੱਕ ਚਾਰ ਸਾਲਾਂ ਦੌਰਾਨ 48 ਪੁਰਸਕਾਰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪੰਜਾਬ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਯਤਨ ਜਾਰੀ ਹਨ।