
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ। ਅੱਜ ਇਥੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਵਫਦ ਨਾਲ ਮੀਟਿੰਗ ਦੌਰਾਨ ਸ੍ਰ ਚੀਮਾ ਨੇ ਕਿਹਾ ਕਿ ਸਾਰੇ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਜੋ ਵੀ ਕੋਈ ਮੁਲਾਜ਼ਮ ਸਰਕਾਰੀ ਦਫਤਰ ਵਿਚ ਪੰਜਾਬੀ ਭਾਸ਼ਾ ਲਾਗੂ ਕਰਨ ਵਿਚ ਅਣਗਲਿਹੀ ਵਰਤਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਵੱਖ ਵੱਖ ਸਾਹਿਤ, ਕਲਾ ਅਤੇ ਸਭਿਆਚਾਰ ਨਾਲ ਸਬੰਧਿਤ ਸਮਾਗਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਭਾਸ਼ਾ ਨੂੰ ਮੁਕੰਮਲ ਤੌਰ ‘ਤੇ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।