ਨਵੀਂ ਦਿੱਲੀ, 28 ਨਵੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਰਾਜ ਸਭਾ ਵਿਚ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਰੁਝਾਨ ਨੂੰ ਜੋਰਦਾਰ ਢੰਗ ਨਾਲ ਉਭਾਰਿਆ ਅਤੇ ਕੇਂਦਰ ਸਰਕਾਰ ਤੋਂ ਸਵਾਲ ਪੁੱਛੇ।
ਰਾਘਵ ਚੱਡਾ ਨੇ ਕਿਹਾ ਕਿ ਪੂਰੇ ਦੇਸ਼ ਦੇ ਲੋਕਾਂ ਲਈ ਅੰਨਦਾਤੇ ਦਾ ਕੰਮ ਕਰਨ ਵਾਲਾ ਪੰਜਾਬ ਅੱਜ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ, ਪਰ ਕੇਂਦਰ ਸਰਕਾਰ ਵਲੋਂ ਅਜੇ ਵੀ ਇਸ ਸੂਬੇ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਵਾਲ ਪੁੱਛਿਆ ਕਿ ਪੰਜਾਬ ਵਿਚ ਐਨ ਸੀ ਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦਾ ਨਵਾਂ ਦਫਤਰ ਖੋਲ੍ਹੇ ਜਾਣ ਦਾ ਪ੍ਰੋਸੈਸ ਕਦੋਂ ਤੱਕ ਕੰਪਲੀਟ ਹੋਵੇਗਾ। ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਪੁਲੀਸ ਤਾਲਮੇਲ ਵਧਾਉਣ ਲਈ ਵੀ ਕੇਂਦਰ ਸਰਕਾਰ ਵਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ।
ਰਾਘਵ ਚੱਡਾ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਐਨ ਸੀ ਬੀ ਦਫਤਰਾਂ ਦਾ ਵਿਸਤਾਰ ਕਰਨ, ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ। ਜਦੋਂ ਰਾਘਵ ਚੱਡਾ ਨੇ ਪੁੱਛਿਆ ਕਿ ਇਨ੍ਹਾਂ ਉਪਰਾਲਿਆਂ ਨਾਲ ਹੁਣ ਤੱਕ ਕੋਈ ਨਸ਼ਾ ਤਸਕਰ ਕਾਬੂ ਕੀਤਾ ਗਿਆ ਹੈ ਜਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਕੋਈ ਸੁਧਾਰ ਹੋਇਆ ਹੈ ਤਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਇਸ ਦਾ ਕੋਈ ਠੋਸ ਜਵਾਬ ਨਾ ਦੇ ਸਕੇ।
ਰਾਘਵ ਚੱਡਾ ਨੇ ਕਿਹਾ ਕਿ ਸਰਕਾਰ ਦੇ ਰਵਾਈਏ ਤੋਂ ਇੰਝ ਜਾਪ ਰਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਚ ਨਸ਼ਿਆਂ ਦੀ ਤਬਾਹੀ ਵੱਲ ਕੋਈ ਧਿਆਨ ਨਹੀਂ ਦੇਣਾ ਚਾਹੁੰਦੀ ਅਤੇ ਇਸ ਸਮੱਸਿਆ ਲਈ ਟਾਲਮਟੋਲ ਵਾਲੀ ਨੀਤੀ ਹੀ ਅਪਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਵਲ ਕਾਗਜੀ ਕਾਰਵਾਈ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਅਮਲੀ ਤੌਰ ‘ਤੇ ਕੇਂਦਰ ਸਰਕਾਰ ਵਲੋਂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।