ਚੰਡੀਗੜ੍ਹ, 2 ਦਸੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਪਿਛਲੇ ਦਿਨੀ ਹੋਈਆਂ ਜ਼ਿਮਣੀ ਚੋਣਾ ਦੌਰਾਨ ਜਿੱਤ ਹਾਸਲ ਕਰਨ ਵਾਲੇ ਤਿੰਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਆਹੁਦੇ ਦੀ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਵਿਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੱਬੇਵਾਲ ਹਲਕੇ ਦੇ ਵਿਧਾਇਕ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਜਿੱਤ ਹਾਸਲ ਕਰਕੇ ਵਿਧਾਇਕ ਬਣੇ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਹਾ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੇ ਹਰਦੀਪ ਸਿੰਘ ਡਿੰਪੀ ਨੂੰ ਆਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਡਾ. ਰਵਜੋਤ ਸਿੰਘ, ਆਪ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਰੁਪਿੰਦਰ ਸਿੰਘ, ਦਵਿੰਦਰ ਸਿੰਘ ਲਾਡੀ ਢੋਸ, ਅਮਨਦੀਪ ਸਿੰਘ ਗੋਲਡੀ, ਨਛੱਤਰ ਸਿੰਘ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੋਂ ਇਲਾਵਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਲੋਕਾਂ ਲਈ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਕੰਮ ਕਰਨ ਲਈ ਕਿਹਾ।