
ਚੰਡੀਗੜ੍ਹ, 10 ਫਰਵਰੀ : ਪੰਜਾਬ ਵਿਚ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਵਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸੇਵਾਵਾਂ ਕਾਰਨ ਚਾਲੂ ਵਿੱਤੀ ਸਾਲ ਦੌਰਾਨ ਜਿਥੇ ਵਿਸ਼ਵ ਪੱਧਰੀ ਗੁਣਵਤਾ ਅਤੇ ਉਸਾਰੀ ਦੇ ਕੰਮ ਦੇ ਮਿਆਰੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ, ਉਥੇ ਹੀ ਡੇਢ ਕਰੋੜ ਰੁਪਏ ਦੀ ਫੀਸ ਵੀ ਇਕੱਠੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਲੈਬਾਰਟਰੀ 59 ਟੈਸਟਾਂ ਲਈ ਮਾਨਤਾ ਪ੍ਰਾਪਤ ਹੈ। ਇਸ ਲੈਬ ਨਾਲ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਮਿਆਰ ਨੂੰ ਵਿਸ਼ਵ ਪੱਧਰ ਦੇ ਦਰਜੇ ‘ਤੇ ਲਿਜਾਣ ਲਈ ਸਹੂਲਤ ਮਿਲਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਰੇ ਵਿਕਾਸ ਕਾਰਜਾਂ ਦੇ ਮਿਆਰ ਨੂੰ ਬਰਕਰਾਰ ਰੱਖਣ ਦੇ ਟੀਚੇ ਨੂੰ ਪੂਰਾ ਕਰਨ ਵਿਚ ਵੀ ਇਸ ਲੈਬ ਦਾ ਬਹੁਤ ਵੱਡਾ ਯੋਗਦਾਨ ਹੈ।