Saturday, January 25Malwa News
Shadow

ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੇ ਚੱਲ ਰਹੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਪੂਰਾ ਕੀਤਾ ਜਾਵੇ।

ਮੰਤਰੀਆਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਗਰ ਨਿਗਮ ਕਮਿਸ਼ਨਰ ਸਬੰਧਤ ਉਦਯੋਗਿਕ ਫੋਕਲ ਪੁਆਇੰਟਾਂ ਦਾ ਦੌਰਾ ਕਰਨ ਅਤੇ ਚੱਲ ਰਹੇ ਕੰਮਾਂ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਉਦਯੋਗਿਕ ਐਸੋਸੀਏਸ਼ਨਾਂ ਦੀ ਸੂਚੀ/ਵੇਰਵੇ ਮੰਤਰੀਆਂ ਨਾਲ ਸਾਂਝੇ ਕੀਤੇ ਜਾਣ ਤਾਂ ਜੋ  ਉਨ੍ਹਾਂ ਦੀਆਂ ਮੰਗਾਂ/ਸੁਝਾਵਾਂ/ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾ ਸਕੇ।

ਉਨ੍ਹਾਂ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੋਕਲ ਪੁਆਇੰਟ ਅਨੁਸਾਰ ਸਟਰੀਟ ਲਾਈਟ ਅਤੇ ਹੋਰ ਬੁਨਿਆਦੀ ਢਾਂਚੇ ਦੀ ਸੂਚੀ ਤਿਆਰ ਕਰਨ, ਲਾਈਟਾਂ ਦੀ ਕੁੱਲ ਸੰਖਿਆ, ਕੰਮ ਕਰ ਰਹੀਆਂ ਤੇ ਖ਼ਰਾਬ ਸਟਰੀਟ ਲਾਈਟਾਂ ਦੀ ਗਿਣਤੀ ਅਤੇ ਲੋੜੀਂਦੇ ਫੰਡਾਂ ਸਮੇਤ ਨਵੇਂ ਪ੍ਰਸਤਾਵਿਤ ਕੰਮਾਂ ਸਬੰਧੀ ਵੇਰਵੇ ਜੁਟਾਉਣ ਦੇ ਨਿਰਦੇਸ਼ ਦਿੱਤੇ।

ਮੰਤਰੀਆਂ ਨੇ ਕਿਹਾ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਸਾਰੇ ਉਦਯੋਗਿਕ ਫੋਕਲ ਪੁਆਇੰਟਾਂ/ਅਸਟੇਟਾਂ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੀਵਰੇਜ ਸਿਸਟਮ ਦੇ ਸਹੀ ਰੱਖ-ਰਖਾਅ ਲਈ ਨਗਰ ਨਿਗਮ ਦੇ ਓ ਐਂਡ ਐਮ ਵਿੰਗ ਨੂੰ ਤਾਇਨਾਤ ਕਰਨਗੀਆਂ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨੂੰ ਸ਼ਹਿਰੀ ਸਥਾਨਕ ਇਕਾਈਆਂ ਦੇ ਸਬੰਧਤ ਵਿੰਗ ਵੱਲੋਂ ਹਟਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ  ਇਨ੍ਹਾਂ ਕੰਮਾਂ ’ਤੇ ਲਗਾਤਾਰ ਨਿਗਰਾਨੀ ਰੱਖਣ ਸਬੰਧੀ ਬਕਾਇਦਾ ਰਿਪੋਰਟ ਭੇਜੀ ਜਾਵੇ।

ਵੱਖ-ਵੱਖ ਨਗਰ ਨਿਗਮ ਕਮਿਸ਼ਨਰ ਅਤੇ ਸਬੰਧਤ ਸ਼ਹਿਰੀ ਸਥਾਨਕ ਇਕਾਈਆਂ ਦੇ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਪੀ.ਐਸ.ਆਈ.ਈ.ਸੀ., ਸੀਮਾ ਬਾਂਸਲ, ਉੱਪ ਚੇਅਰਮੈਨ ਪੰਜਾਬ ਵਿਕਾਸ ਕਮਿਸ਼ਨ, ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਣਜ) ਅਤੇ ਸਥਾਨਕ ਸਰਕਾਰਾਂ, ਵਰਿੰਦਰ ਕੁਮਾਰ ਸ਼ਰਮਾ, ਐਮ.ਡੀ.(ਪੀ.ਐਸ.ਆਈ.ਈ.ਸੀ.) ਅਤੇ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਹਨ।

Industry

Punjab Govt Add Zero Bijli Bill English 300x250