
ਚੰਡੀਗੜ੍ਹ, 25 ਜਨਵਰੀ : ਪੰਜਾਬ ਵਿਚ ਸੜਕ ਦੁਰਘਟਨਾਵਾਂ ਰੋਕਣ ਅਤੇ ਸੜਕ ਹਾਦਸਿਆਂ ਵਿਚ ਹੋ ਰਹੀਆਂ ਮੌਤਾਂ ਦੀ ਗਿਣਤੀ ਘਟਾਉਣ ਲਈ ਅੱਜ ਬਲੈਕ ਸਪਾਟ ਦੇ ਸੁਧਾਰ ਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ‘ਤੇ ਪ੍ਰਭਾਵ ਵਿਸ਼ੇ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।
ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਆਫ ਇੰਡੀਆ ਵਲੋਂ ਕਰਵਾਈ ਗਈ ਇਸ ਵਰਕਸ਼ਾਪ ਲੋਕਾਂ ਨੂੰ ਬਲੈਕ ਸਪਾਟ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਪਹਿਲਾਂ ਵੀ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ। ਹੁਣ ਵੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੜਕਾਂ ‘ਤੇ ਆਮ ਜਨਤਾ ਦੀ ਸੁਰੱਖਿਆ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧੁਨਿਕ ਤਕਨੀਕ ਨਾਲ ਸੜਕ ਸਰੱਖਿਆ ਅਤੇ ਟਰੈਫਿਕ ਨਿਯਮਾਂ ਦੇ ਮਿਆਰਾਂ ਬਾਰੇ ਮਾਹਿਰਾਂ ਦੀ ਵਿਚਾਰ ਚਰਚਾ ਬਹੁਤ ਜਰੂਰੀ ਹੈ। ਇਸ ਵਰਕਸ਼ਾਪ ਵਿਚ ਵੱਖ ਵੱਖ ਵਿਭਾਗਾਂ ਅਤੇ ਅਦਾਰਿਆਂ ਦੇ ਮਾਹਿਰਾਂ ਅਤੇ ਅਧਿਕਾਰੀਆਂ ਨੇ ਵੀ ਵਿਚਾਰ ਚਰਚਾ ਕੀਤੀ।