ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਤੇ ਪੱਛੜੀਆਂ ਸ੍ਰੇਣੀਆਂ ਲਈ 9.51 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਪੰਜਾਬ ਦੇ ਸਾਰੇ ਜਿਲਿਆਂ ਨੂੰ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਦੇ ਤੁਰੰਤ ਨਿਪਟਾਰੇ ਲਈ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਸਕੀਮਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਨਾ ਵਰਤੀ ਜਾਵੇ।