ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਦੇ ਸਿਲਸਲੇ ਵਿਚ ਹੀ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਾਲ 2017–18 ਤੋਂ ਲੈ ਕੇ 2019–20 ਤੱਕ ਦੀ ਬਕਾਇਆ ਅਦਾ ਕਰਨ ਲਈ ਸਾਲ 2023–24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹੁਣ ਫੇਰ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੇਣ ਲਈ 92 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵਿਸੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਬੱਚੇ ਵੀ ਕਿਸੇ ਪੱਖੋਂ ਪਿੱਛੇ ਨਾ ਰਹਿਣ। ਸਰਕਾਰ ਦਾ ਟੀਚਾ ਹੈ ਕਿ ਪੰਜਾਬ ਵਿਚ ਕੋਈ ਬੱਚਾ ਆਰਥਿਕ ਕਾਰਨਾ ਕਰਕੇ ਪੜ੍ਹਾਈ ਨਾ ਛੱਡੇ।