ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰ ਵਲੋਂ ਇਸ ਮਕਸਦ ਲਈ ਹਰ ਵਿਧਾਨ ਸਭਾ ਹਲਕੇ ਤੋਂ 25 ਪਿੰਡਾਂ ਦੀ ਸੂਚੀ ਲਈ ਜਾਵੇਗੀ। ਪਹਿਲੇ ਪੜ੍ਹਾਅ ਅਧੀਨ ਇਨ੍ਹਾਂ ਪਿੰਡਾਂ ਵਿਚ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਕਰਵਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ।
ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿਚ ਮਨਰੇਗਾ ਜੌਬ ਕਾਰਡ ਬਣਾਉਣ ਲਈ ਸਾਰੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਵੀ ਲਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਹਰ ਵਿਅਕਤੀ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।