Tuesday, June 23Malwa News
Shadow

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(            ) – ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।

15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਸੀ। ਅੱਜ ਹੋਈ ਚੋਣ ਪ੍ਰਕਿਰਿਆ ਦੌਰਾਨ ਸਮੂਹ ਕੌਂਸਲਰਾਂ ਨੇ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣਿਆ।

ਨਵੇਂ ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਚੁਣੀ ਕਮੇਟੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਜੰਡਿਆਲਾ ਗੁਰੂ ਦੀ ਵਿਰਾਸਤੀ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਸ੍ਰੀ ਅਮਨਦੀਪ ਸਿੰਘ ਵਿਰਕ ਨੇ ਸਮੂਹ ਕੌਂਸਲਰਾਂ, ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਨੂੰ ਨਗਰ ਕੌਂਸਲ ਪੱਧਰ ’ਤੇ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।