Wednesday, February 19Malwa News
Shadow

ਐਸ ਸੀ ਵਿਦਿਆਰਥੀਆਂ ਲਈ ਜਾਰੀ ਹੋ ਗਏ 55 ਕਰੋੜ ਰੁਪਏ

ਚੰਡੀਗੜ੍ਹ, 2 ਫਰਵਰੀ : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਦੇ ਬਜਟ ਪ੍ਰਾਵਧਾਨ ਤਹਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਅੰਤਰਗਤ 86,583 ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬਹੁਤ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ, ਬਾਕੀ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਭੁਗਤਾਨ ਕਰ ਦਿੱਤਾ ਜਾਵੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਆਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਂਦੀ ਹੈ।

Basmati Rice Advertisment