ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਹੁਣ ਸਕੂਲੀ ਵਿਦਿਆਰਥੀਆਂ ਦੇ ਸਿਲੇਬਸ ਵਿਚ ਨਸ਼ੇ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਪਾਠਕ੍ਰਮ ਸ਼ਾਮਲ ਕੀਤਾ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਵੇਂ ਸੈਸ਼ਨ 2025–26 ਦੌਰਾਨ ਸਿਲੇਬਸ ਵਿਚ ਸ਼ਾਮਲ ਕੀਤੇ ਜਾ ਰਹੇ ਪਾਠਕ੍ਰਮ ਵਿਚ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਇਲਾਵਾ ਇਹ ਜਾਣਕਾਰੀ ਵੀ ਸ਼ਾਮਲ ਕੀਤੀ ਜਾ ਰਹੀ ਹੈ ਕਿ ਨਸ਼ਿਆਂ ਤੋਂ ਦੂਰ ਕਿਵੇਂ ਰਿਹਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ, ਇਸ ਬਾਰੇ ਵੀ ਜਾਣਕਾਰੀ ਪਾਠਕ੍ਰਮ ਵਿਚ ਸ਼ਾਮਲ ਕੀਤੀ ਜਾਵੇਗੀ।
ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਸਿਲੇਬਸ ਵਿਚ ਸ਼ਾਮਲ ਕੀਤੇ ਜਾਣ ਵਾਲੇ ਪਾਠਕ੍ਰਮ ਲਈ ਇਕ ਤਾਲਮੇਲ ਕਮੇਟੀ ਵੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਦੀ ਅਗਵਾਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਕਰਨਗੇ ਅਤੇ ਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ। ਇਸੇ ਮੁਹਿੰਮ ਤਹਿਤ ਹੀ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਟਰੇਨਿੰਗ ਦੇਣ ਲਈ ਮਾਸਟਰ ਟਰੇਨਰ ਵੀ ਤਿਆਰ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਸਰਕਾਰ ਵਲੋਂ ਨਸ਼ੇ ਦੀਆਂ ਆਦੀ ਔਰਤਾਂ ਦੇ ਸੁਧਾਰ ਲਈ ਵੀ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ।