Tuesday, April 22Malwa News
Shadow

ਹੁਣ ਪੰਜਾਬ ਵਿਚ ਸੀਵਰੇਜ਼ ਸਾਫ ਕਰਦਿਆਂ ਨਹੀਂ ਜਾਣਗੀਆਂ ਜਾਨਾਂ : ਭਗਵੰਤ ਮਾਨ

ਜਲੰਧਰ 19 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਇਥੇ ਭਗਵਾਨ ਵਾਲਮੀਕ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪਿਛੋਂ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਹੁਣ ਪੰਜਾਬ ਵਿਚ ਸੀਵਰੇਜ਼ ਸਾਫ ਕਰਦਿਆਂ ਮਨੁੱਖੀ ਜਾਨਾਂ ਨਹੀਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਜਦੋਂ ਕੰਮ ਕਰਨ ਵਾਲਾ ਮੁਲਾਜ਼ਮ ਸੀਵਰੇਜ ਸਾਫ ਕਰਨ ਲਈ ਧਰਤੀ ਹੇਠਾਂ ਸੀਵਰੇਜ ਵਿਚ ਜਾਂਦਾ ਹੈ ਤਾਂ ਉਸਦੀ ਕੋਈ ਗਰੰਟੀ ਨਹੀਂ ਹੁੰਦੀ ਕਿ ਉਹ ਜਿਉਂਦਾ ਵਾਪਸ ਆਵੇਗਾ ਕਿ ਨਹੀਂ। ਇਸ ਲਈ ਸਰਕਾਰ ਨੇ ਹੁਣ ਸੀਵਰੇਜ਼ ਸਾਫ ਕਰਨ ਲਈ ਨਵੀਂ ਤਕਨੀਕ ਦੀਆਂ ਮਸ਼ੀਨਾਂ ਮੰਗਵਾ ਲਈਆਂ ਹਨ। ਇਹ ਮਸ਼ੀਨਾਂ ਇਹੀ ਮੁਲਾਜ਼ਮ ਚਲਾਉਣਗੇ, ਪਰ ਉਨ੍ਹਾਂ ਨੂੰ ਜਾਨ ਦਾ ਕੋਈ ਖਤਰਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਨਵੀਂ ਤਕਨੀਕ ਨਾਲ ਸੀਵਰੇਜ਼ ਦੀ ਸਫਾਈ ਹੋਵੇਗੀ ਅਤੇ ਮੁਲਾਜ਼ਮਾਂ ਦੀ ਪੂਰੀ ਸੁਰੱਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪੰਜਾਬ ਵਿਚ ਇਕ ਨਵੀਂ ਕ੍ਰਾਂਤੀ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਬਾਰਕ ਧਰਤੀ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਕੇ ਪੰਜਾਬ ਵਿੱਚ ਸੀਵਰੇਜ ਵਾਲਿਆਂ ਨਾਲ ਹੋ ਰਹੇ ਅਣਮਨੁੱਖੀ ਸਲੂਕ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।

ਸਰਕਾਰੀ ਨੌਕਰੀ ਵਿੱਚੋਂ ਠੇਕਾ ਸ਼ਬਦ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਨੀਤੀ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਹਿਲਾਂ ਹੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਲਈ ਵਿਹਾਰਕ ਵਿਧੀ ਤਿਆਰ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਗੱਲ ‘ਤੇ ਦ੍ਰਿੜ੍ਹ ਵਿਸ਼ਵਾਸ ਰੱਖਦੇ ਹਨ ਕਿ ਸਿਰਫ਼ ਲੀਡਰਾਂ ਦੇ ਬੋਲ-ਚਾਲ ਨਾਲ ਹੀ ਗਰੀਬੀ ਦੂਰ ਨਹੀਂ ਹੋਵੇਗੀ, ਸਗੋਂ ਆਮ ਆਦਮੀ ਦੇ ਸ਼ਕਤੀਕਰਨ ਨਾਲ ਹੀ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਆਦਮੀ ਦੇ ਸ਼ਕਤੀਕਰਨ ਲਈ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ. ਅਤੇ ਹੋਰ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।

Basmati Rice Advertisment