ਅੰਮ੍ਰਿਤਸਰ, 21 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੇ ਚੱਲ ਰਹੇ ਵਿਵਾਦਾਂ ਦੌਰਾਨ 30 ਦਸੰਬਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਤੋਂ ਪਹਿਲਾਂ ਇਹ ਐਮਰਜੈਂਸੀ ਮੀਟਿੰਗ 23 ਦਸੰਬਰ ਨੂੰ ਬੁਲਾਈ ਗਈ ਸੀ, ਪਰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਸੀ। ਹੁਣ 30 ਦਸੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਪਿਛਲੇ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਰਾਜ਼ਗੀ ਦੀ ਵੀ ਚਰਚਾ ਚੱਲ ਰਹੀ ਹੈ। ਇਥੇ ਵਰਨਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਵਲੋਂ ਜਥੇਦਾਰ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ। ਇਸ ਪਿਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਰਾਹਾ ਵਿਖੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਵਲੋਂ ਲਗਾਏ ਦੋਸ਼ਾਂ ਦੀ ਜਾਂਚ ਲਈ ਇਕ ਕਮੇਟੀ ਬਣਾਈ ਗਈ ਸੀ। ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਕੰਮ ਕਰਨ ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਪਿਛੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਰਾਜ਼ਗੀ ਪ੍ਰਗਟ ਕੀਤੀ ਸੀ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 30 ਦਸੰਬਰ ਨੂੰ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ।