Wednesday, October 21Malwa News
Shadow

ਸਿੰਚਾਈ ਨਾਲ ਜੁੜੀਆਂ ਲੰਬਿਤ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਹੱਲ : ਸ਼ਰੂਤੀ ਚੌਧਰੀ

ਚੰਡੀਗੜ੍ਹ, 21 ਅਕਤੂਬਰ – ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਅੱਜ ਇੱਥੇ ਚਰਖ਼ੀ ਦਾਦਰੀ ਅਤੇ ਭਿਵਾਨੀ ਜ਼ਿਲ੍ਹਿਆਂ ਵਿੱਚ ਸਿੰਚਾਈ ਨਾਲ ਜੁੜੀਆਂ ਸਮੱਸਿਆਵਾਂ, ਚੱਲ ਰਹੇ ਪ੍ਰੋਜੈਕਟਾਂ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਵਿਆਪਕ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਸਿੰਚਾਈ ਅਤੇ ਜਲ ਸਰੋਤ ਮੰਤਰੀ ਨੇ ਐਲ.ਡਬਲਯੂ.ਐਸ. ਅਤੇ ਵਾਈ.ਡਬਲਯੂ.ਐਸ. ਸਰਕਲ, ਭਿਵਾਨੀ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵਿੱਚ ਜੰਗਲਾਤ ਸਬੰਧੀ ਮਨਜ਼ੂਰੀਆਂ, ਪਾਣੀ ਦੀ ਚੋਰੀ ਰੋਕਣ, ਜ਼ਮੀਨ ਦੀ ਅਲਾਈਨਮੈਂਟ (ਸੰਰੇਖਣ) ਅਤੇ ਨਾਜਾਇਜ਼ ਕਬਜ਼ਿਆਂ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਲੰਬਿਤ ਮਨਜ਼ੂਰੀਆਂ ਅਤੇ ਹੋਰ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨਾ ਹੋਵੇ ਅਤੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਸਕੇ।

ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਗਏ ਹੜ੍ਹ ਸੁਰੱਖਿਆ ਅਤੇ ਰੱਖ-ਰਖਾਅ ਕਾਰਜਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਇਨ੍ਹਾਂ ਕਾਰਜਾਂ ਦੇ ਸਬੰਧ ਵਿੱਚ ਜ਼ਰੂਰੀ ਕਾਰਵਾਈ ਕਰਦਿਆਂ ਭਵਿੱਖ ਲਈ ਬਿਹਤਰ ਯੋਜਨਾ ਤਿਆਰ ਕਰਨ ’ਤੇ ਜ਼ੋਰ ਦਿੱਤਾ, ਤਾਂ ਜੋ ਹੜ੍ਹ ਸੁਰੱਖਿਆ ਨਾਲ ਸਬੰਧਤ ਕਾਰਜਾਂ ਦਾ ਸਮਾਂਬੱਧ ਢੰਗ ਨਾਲ ਅਮਲ ਹੋ ਸਕੇ ਅਤੇ ਸਿੰਚਾਈ ਢਾਂਚੇ ਦਾ ਪ੍ਰਭਾਵੀ ਰੱਖ-ਰਖਾਅ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਲੋਹਾਰੂ, ਭਿਵਾਨੀ, ਤੋਸ਼ਾਮ, ਬਵਾਨੀ ਖੇੜਾ ਅਤੇ ਬਾੜੜਾ ਵਿਧਾਨ ਸਭਾ ਹਲਕਿਆਂ ਵਿੱਚ ਸਿੰਚਾਈ ਨਾਲ ਸਬੰਧਤ ਲੰਬਿਤ ਸਮੱਸਿਆਵਾਂ, ਚੱਲ ਰਹੇ ਪ੍ਰੋਜੈਕਟਾਂ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੇਤਰ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ ਅਤੇ ਮਨਜ਼ੂਰਸ਼ੁਦਾ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣ।    

ਸਿੰਚਾਈ ਮੰਤਰੀ ਨੇ ਕਿਹਾ ਕਿ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਜਲ ਸਰੋਤਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਕਿਸਾਨਾਂ ਨੂੰ ਸਿੰਚਾਈ ਸਬੰਧਤ ਸਮੱਸਿਆਵਾਂ ਤੋਂ ਰਾਹਤ ਦਿਵਾਉਣਾ ਸਰਕਾਰ ਦੀਆਂ ਪਹਿਲਾਂ ਵਿੱਚ ਸ਼ਾਮਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਲੋਕ ਹਿੱਤ ਨਾਲ ਜੁੜੇ ਕਾਰਜਾਂ ਨੂੰ ਤਰਜੀਹ ਦੇਣ।