
ਚੰਡੀਗੜ੍ਹ, 16 ਫਰਵਰੀ : ਪੰਜਾਬ ਸਰਕਾਰ ਵਲੋਂ ਉਰਜਾ ਦੇ ਖੇਤਰ ਵਿਚ ਨਵੀਂ ਪਹਿਲਕਦਮੀ ਕਰਦਿਆਂ ਹੁਣ ਤੱਕ 4474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਏ ਜਾ ਚੁੱਕੇ ਹਨ, ਜਿਸ ਨਾਲ 4.9 ਕਰੋੜ ਯੂਨਿਟ ਬਿਜਲੀ ਪੈਦਾ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅਗਲੇ ਸਾਲ ਦੌਰਾਨ ਬਾਕੀ ਸਰਕਾਰੀ ਇਮਾਰਤਾਂ ‘ਤੇ ਵੀ ਸੋਲਰ ਪੈਨਲ ਲਗਾਏ ਜਾ ਰਹੇ ਹਨ ਅਤੇ ਸੂਰਜੀ ਊਰਜਾ ਵਿਚ 20 ਮੈਗਾਵਾਟ ਹੋਰ ਵਾਧੇ ਦਾ ਟੀਚਾ ਮਿਥਿਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਬਿਜਲੀ ਗਰਿੱਡ ਨਾਲ ਜੁੜੇ ਇਨ੍ਹਾਂ ਸੋਲਰ ਪੈਨਲ ਦਿਨ ਵੇਲੇ ਬਿਜਲੀ ਪੈਦਾ ਕਰਦੇ ਹਨ ਅਤੇ ਬਿਜਲੀ ਵਿਭਾਗ ਵਲੋਂ ਇਹ ਬਿਜਲੀ ਲੋੜ ਵਾਲੇ ਖੇਤਰਾਂ ਵਿਚ ਵਰਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਵਾਤਾਵਰਣ ਦੇ ਖੇਤਰ ਵਿਚ ਵੀ ਸੁਧਾਰ ਹੁੰਦਾ ਹੈ।
ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਟੀਚੇ ਮਿਥੇ ਗਏ ਹਨ, ਜਿਨ੍ਹਾਂ ਦੀ ਪੂਰਤੀ ਲਈ ਹਰ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਵਲੋਂ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪੁੱਜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਪਾਰਦਰਸ਼ੀ ਢੰਗ ਨਾਲ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।