
ਨਵੀਂ ਦਿੱਲੀ, 23 ਫਰਵਰੀ : ਪੰਜਾਬ ਦੀ ਪ੍ਰਸਿੱਧ ਕਲਾਕਾਰ ਸੋਨੀਆ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜਰੀ ਵਿਚ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ੍ਰੀ ਅਰਵਿੰਦ ਕੇਜਰੀਵਾਲ ਨੇ ਸੋਨੀਆ ਮਾਨ ਦਾ ਪਾਰਟੀ ਵਿਚ ਸਵਾਗਤ ਕੀਤਾ।
ਸੋਨੀਆ ਮਾਨ ਪ੍ਰਸਿੱਧ ਕਲਾਕਾਰ ਅਤੇ ਉਹ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਪੁੱਤਰੀ ਹੈ। ਦਿੱਲੀ ਦੇ ਕਿਸਾਨ ਅੰਦੋਲਨ ਵਿਚ ਵੀ ਸੋਨੀਆ ਮਾਨ ਨੇ ਅਹਿਮ ਭੂਮਿਕਾ ਨਿਭਾਈ ਸੀ। ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸੋਨੀਆ ਮਾਨ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋਈ ਹੈ ਅਤੇ ਪਾਰਟੀ ਦੇ ਕੰਮਾਂ ਨੂੰ ਦੇਖ ਕੇ ਹੀ ਪਾਰਟੀ ਵਿਚ ਸ਼ਾਮਲ ਹੋਈ ਹੈ। ਸੋਨੀਆ ਮਾਨ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।