Thursday, September 18Malwa News
Shadow

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫਰੀਦਕੋਟ 18 ਸਤੰਬਰ ()- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ” ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਲੁਧਿਆਣਾ ਵਰਗੀ ਵੱਕਾਰੀ ਸੰਸਥਾ ਹੈ ਜੋ ਕਿਸਾਨਾਂ ਦੀ ਹਰ ਖੇਤਰ ਵਿੱਚ ਅਗਵਾਈ ਕਰਦੀ ਹੈ ਅਤੇ ਇਸ ਯੂਨੀਵਰਸਿਟੀ ਨੇ ਆਪਣੀ ਮੁਹਾਰਤ ਦਿਖਾਉਂਦਿਆਂ ਲਗਾਤਾਰ ਤੀਜੇ ਸਾਲ ਦੇਸ਼ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਜ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਰ ਕਰਨ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਹਿਰ ਦੀ ਮਜ਼ਬੂਤੀ ਤੇ ਕਿਸਾਨੀ ਨੂੰ ਮੁੜ ਤੋਂ ਪੈਰਾ ਸਿਰ ਖੜ੍ਹਾ ਕਰਨ ਲਈ ਹਰ ਤਰ੍ਹਾਂ ਦੀ ਵਿੱਤੀ ਤੇ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ, ਖੇਤੀ ਅਧਾਰਿਤ ਸਹਾਇਕ ਧੰਦੇ ਕਰਨ ਅਤੇ ਆਪਣੀ ਫਸਲ/ਉਪਜ ਦਾ ਪੂਰਾ ਮੁੱਲ ਲੈਣ ਲਈ ਖੇਤੀ ਅਧਾਰਿਤ ਲਘੂ ਉਦਯੋਗ ਸਥਾਪਿਤ ਕਰਨ ਦਾ ਵੀ ਸੱਦਾ ਦਿੰਦਿਆਂ ਕਿਹਾ ਕਿ ਇਸ ਕੰਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਰਹਿਨੁਮਾਈ ਤੇ ਹਰ ਤਰ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕਾਂ ਕਰਕੇ ਇਸ ਦਾ ਭਵਿੱਖ ਵੀ ਸੁਨਿਹਰੀ ਹੋਵੇਗਾ, ਕਿਉਂਕਿ ਪੰਜਾਬ ਦੀ ਜ਼ਰਖੇਜ਼ ਧਰਤੀ ਤੇ ਲੋਕਾਂ ਵਿੱਚ ਹੁਨਰ, ਮਿਹਨਤ ਤੇ ਤਾਕਤ ਹੈ।

ਵਿਧਾਇਕ ਸ. ਗੁਰਦਿਤ ਸਿੰਘ ਸੇਖੋਂ ਨੇ ਇਸ ਮੌਕੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਦੀਆਂ ਜਾਣਕਾਰੀਆਂ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਰ ਸਾਲ ਵੱਡੇ ਪੱਧਰ ‘ਤੇ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾਉਣ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਹਾੜੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ. ਖੇਤੀ ਬਾਰੇ ਤਕਨੀਕੀ ਨੁਕਤੇ, ਮੰਡੀਕਰਨ ਅਤੇ ਭਵਿੱਖ ਲਈ ਕੀਤੇ ਜਾ ਰਹੀ ਖੋਜ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਪੰਜਾਬ ਵਿੱਚ ਡਰੈਗਨ ਫਰੂਟ, ਚੈਰੀ, ਬਲੈਕਬੇਰੀ ਵਰਗੀਆਂ ਫਸਲਾਂ ਤੇ ਵੀ ਖੋਜ ਕੀਤੀ ਜਾ ਰਹੀ ਹੈ ਤੇ ਇਸ ਦੇ ਟਰਾਇਲ ਮਗਰੋ ਕਿਸਾਨਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਇਲਾਕਿਆਂ ਦੇ ਹੜ ਪੀੜਤ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਹੜ੍ਹਾਂ ਨਾਲ ਫਸਲਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੜ੍ਹਾਂ ਨਾਲ ਰੁੜ ਕੇ ਆਈ ਲਾਲ ਮਿੱਟੀ ਦੀ ਜ਼ਰਖੇਜ਼ਤਾ ਦੀ ਪਰਖ ਕੀਤੀ ਜਾ ਰਹੀ ਹੈ। ਮੇਲੇ ਦੌਰਾਨ ਬੁਲਾਰਿਆਂ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾਲ ਲਗਾਉਣ ਅਤੇ ਢੁੱਕਵੇਂ ਪਰਾਲੀ ਪ੍ਰੰਬਧਨ ਕਰਨ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ ਢੱਟ, ਡਾ. ਅਮਰਜੀਤ ਸਿੰਘ ਢਿੱਲੋਂ, ਡਾ. ਮੱਖਣ ਸਿੰਘ ਭੁੱਲਰ, ਡਾ. ਸੋਢੀ, ਡਾ. ਕੁਲਦੀਪ ਸਿੰਘ ਆਦਿ ਨੇ ਵੀ ਕਿਸਾਨਾਂ ਨਾਲ ਹਾੜੀ ਦੀਆਂ ਫਸਲਾਂ ਸਬੰਧੀ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਕੁਲਦੀਪ ਸਿੰਘ ਸਹਿਯੋਗੀ ਨਿਰਦੇਸ਼ਕ ਨੇ ਨਿਭਾਈ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨਾਂ ਲਈ ਬੀਜ਼ ਤੇ ਸਬਜੀਆਂ ਦੇ ਸਟਾਲ ਵੀ ਲਗਾਏ ਗਏ।