ਚੰਡੀਗੜ੍ਹ, 12 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਤੁਰੰਤ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਾਇਜ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਵਲੋਂ ਲਗਾਤਾਰ ਕੀਤੀ ਜਾ ਰਹੀ ਭੁੱਖ ਹੜਤਾਲ ‘ਤੇ ਚਿੰਤਾ ਪ੍ਰਗਟ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂ ਦੀ ਸਿਹਤ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਭੁੱਖ ਹੜਤਾਲ ਖਤਮ ਕਰਵਾਏ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਮਸਲਿਆਂ ਦਾ ਸਾਰਥਕ ਹੱਲ ਲੱਭਣ ਲਈ ਸਾਰਥਿਕ ਯਤਨ ਕੀਤੇ ਜਾਣੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਟਾਲ ਮਟੋਲ ਵਾਲਾ ਰਵਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।