Thursday, August 27Malwa News
Shadow

ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ

ਮਾਲੇਰਕੋਟਲਾ, 27 ਅਗਸਤ:                                ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ 6 ਸਤੰਬਰ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਯੋਗ ਨਾਗਰਿਕਾਂ ਤੋਂ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਨਾਮ ਹਟਾਉਣ ਜਾਂ ਹੋਰ ਤਰੁੱਟੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।

                                ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਦਰਜ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਨਾਮ, ਪਤਾ, ਉਮਰ ਆਦਿ ਸਬੰਧੀ ਕਿਸੇ ਕਿਸਮ ਦੀ ਤਰੁੱਟੀ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਦਾਅਵਾ ਜਾਂ ਇਤਰਾਜ਼ ਬੀ.ਐਲ.ਓ. ਕੋਲ ਦਰਜ ਕਰਵਾ ਸਕਦਾ ਹੈ।

                                 ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਵੋਟਰ ਸੂਚੀ ਵਿੱਚ ਦਰਜ ਜਾਣਕਾਰੀ ਦਾ ਸਹੀ ਹੋਣਾ ਬਹੁਤ ਮਹੱਤਵਪੂਰਨ ਹੈ। ਵਿਸ਼ੇਸ਼ ਕੈਂਪਾਂ ਦਾ ਮੰਤਵ ਵੱਧ ਤੋਂ ਵੱਧ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਨਾਲ ਜੋੜਨਾ ਅਤੇ ਸੂਚੀਆਂ ਨੂੰ ਤਰੁੱਟੀ ਰਹਿਤ ਬਣਾਉਣਾ ਹੈ।

                                    ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਥਾਨ ’ਤੇ ਹਾਜ਼ਰ ਰਹਿ ਕੇ ਵੋਟਰਾਂ ਤੋਂ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਨਿਯਮਾਂ ਅਨੁਸਾਰ ਦਰਜ ਕਰਨ ਅਤੇ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਮੁਹੱਈਆ ਕਰਵਾਉਣ। ਚੋਣ ਵਿਭਾਗ ਵੱਲੋਂ ਕੈਂਪਾਂ ਦੌਰਾਨ ਆਉਣ ਵਾਲੇ ਨਾਗਰਿਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

                                 ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ, ਪਹਿਲੀ ਵਾਰ ਵੋਟਰ ਬਣਨ ਵਾਲੇ ਨਾਗਰਿਕਾਂ ਅਤੇ ਹੋਰ ਯੋਗ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਂਦਿਆਂ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ 6 ਸਤੰਬਰ ਦੇ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।