Friday, February 13Malwa News
Shadow

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਹੁਸ਼ਿਆਰਪੁਰ, 13 ਫਰਵਰੀ :-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਚਲਾਨ ਜਾਰੀ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ।
ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਨੂੰ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਅਨੁਸਾਰ ਰੱਖਣ ਅਤੇ ਸਮੇਂ-ਸਮੇਂ ‘ਤੇ ਨਿਰਧਾਰਤ ਮਾਪਦੰਡਾਂ ਦੀ ਜਾਂਚ ਯਕੀਨੀ ਬਣਾਉਣ।