Monday, February 23Malwa News
Shadow

​​’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀ.ਐੱਚ.ਸੀ. ਧਨੌਲਾ ਵਿਖੇ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ

ਧਨੌਲਾ/ਬਰਨਾਲਾ, 23 ਫਰਵਰੀ-ਪੰਜਾਬ ਸਰਕਾਰ ਵੱਲੋਂ ‘ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼’ ਅਧੀਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਦੀ ਯੋਗ ਅਗਵਾਈ ਹੇਠ, ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਧਨੌਲਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣਾ ਸੀ।

​ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ “ਸਾਡੇ ਬਜ਼ੁਰਗ, ਸਾਡਾ ਮਾਣ“ ਮੁਹਿੰਮ ਵਿਸ਼ੇਸ਼ ਤੌਰ ‘ਤੇ ਸੀਨੀਅਰ ਨਾਗਰਿਕਾਂ ਦੀ ਭਲਾਈ, ਮਾਣ-ਸਤਿਕਾਰ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਬਜ਼ੁਰਗਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਸਿਹਤ ਜਾਂਚ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦੀ ਹੈ।

​ਇਸ ਕੈਂਪ ਵਿੱਚ ਅੱਖਾਂ, ਮਨੋਰੋਗ, ਫਿਜ਼ੀਓਥਰੈਪੀ, ਆਯੁਰਵੈਦਿਕ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀਤਾ ਗਿਆ। ਵੱਡੀ ਗਿਣਤੀ ਵਿੱਚ ਬਜ਼ੁਰਗ ਨਾਗਰਿਕਾਂ ਨੇ ਮੈਡੀਕਲ ਸੇਵਾਵਾਂ ਅਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ। ਸਿਹਤ ਜਾਂਚ ਤੋਂ ਇਲਾਵਾ ਕੈਂਪ ਵਿੱਚ ਯੋਗਾ ਸੈਸ਼ਨ ਕਰਵਾਇਆ ਗਿਆ ਅਤੇ ਮੁਫ਼ਤ ਕਾਨੂੰਨੀ ਸਲਾਹ ਤੇ ਬੈਂਕਿੰਗ ਸੇਵਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੁਲਿਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਰੱਖਿਆ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਵਿੱਚ ਮੌਕੇ ‘ਤੇ ਹੀ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ, ਬੁਢਾਪਾ ਪੈਨਸ਼ਨ ਦੀਆਂ ਅਰਜ਼ੀਆਂ ਪ੍ਰਾਪਤ ਕਰਨ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

​ਇਸ ਮੌਕੇ ਸੀ.ਡੀ.ਪੀ.ਓ. ਅਰਵਿੰਦ ਸਿੰਘ ਭੱਟੀ, ਸੁਪਰਵਾਈਜ਼ਰ ਮੈਡਮ ਬਲਵਿੰਦਰ ਕੌਰ, ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੁਮਾਇੰਦੇ, ਲੀਡ ਬੈਂਕ ਮੈਨੇਜਰ, ਸੈਲਫ ਹੈਲਪ ਗਰੁੱਪਾਂ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।