
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਗਰੀਨ ਹੋਲਾ ਮਹੱਲਾ ਮਨਾਉਣ ਦੇ ਮਕਸਦ ਨਾਲ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸੈਕਟਰੀ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੇਲਾ ਅਫਸਰ ਸੁਖਪਾਲ ਸਿੰਘ ਅਤੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ ਅਤੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਇੱਕ ਅਹਿਮ ਮੁੱਦਾ ਹੈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਗਰੀਨ ਹੋਲਾ ਮਹੱਲਾ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਲੰਗਰਾਂ ਵਿੱਚ ਸਟੀਲ ਦੇ ਭਾਂਡੇ ਜਾਂ ਜੈਵਿਕ ਖਪਣਯੋਗ ਭਾਂਡਿਆਂ ਦੀ ਹੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਹੋਰ ਵੀ ਕਈ ਉਪਰਾਲਿਆਂ ਦੀ ਲੋੜ ਹੈ ਅਤੇ ਹਰ ਸ਼ਰਧਾਲੂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਗਰੀਨ ਹੋਲਾ ਮਹੱਲਾ ਦੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਸੰਗਤਾਂ, ਸੰਸਥਾਵਾਂ ਅਤੇ ਲੰਗਰ ਕਮੇਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੇਰਕਾਂ ਦੀ ਏ.ਟੀ.ਐਮ ਮਸ਼ੀਨ ਰਾਹੀਂ ਦੁੱਧ ਦੀ ਸਪਲਾਈ ਕਰਕੇ ਪਲਾਸਟਿਕ ਪੈਕੇਜਿੰਗ ਘਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਇਸ ਮੁਹਿੰਮ ਨੂੰ ਗੰਭੀਰਤਾ ਨਾਲ ਅਮਲ ਵਿੱਚ ਲਿਆ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੱਧਰ ‘ਤੇ ਸਹਿਯੋਗ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸੰਤਾਂ-ਮਹਾਪੁਰਸ਼ਾਂ ਅਤੇ ਧਾਰਮਿਕ ਅਦਾਰਿਆਂ ਦੀ ਅਪੀਲ ਨਾਲ ਹੀ ਗਰੀਨ ਹੋਲਾ ਮਹੱਲਾ ਦਾ ਫੈਸਲਾ ਜ਼ਮੀਨੀ ਪੱਧਰ ‘ਤੇ ਸਫਲਤਾ ਨਾਲ ਲਾਗੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਗਰ ਕਮੇਟੀਆਂ ਨੂੰ ਜੈਵਿਕ ਖਪਣਯੋਗ ਭਾਂਡੇ ਅਤੇ ਸਮੱਗਰੀ ਮੁਫ਼ਤ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸਫਾਈ ਪ੍ਰਬੰਧਾਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਅਧਿਕਾਰੀਆਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਕਾਰ ਸੇਵਾ ਭੂਰੀ ਵਾਲਿਆਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਪ੍ਰਸ਼ਾਸਨ ਅਤੇ ਧਾਰਮਿਕ ਅਦਾਰਿਆਂ ਵੱਲੋਂ ਸਾਂਝੇ ਤੌਰ ‘ਤੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਹੋਲਾ ਮਹੱਲਾ ਦੌਰਾਨ ਪਲਾਸਟਿਕ ਤੋਂ ਬਚ ਕੇ ਜੈਵਿਕ ਖਪਣਯੋਗ ਸਮੱਗਰੀ ਦੀ ਵਰਤੋਂ ਕਰਨ, ਕੂੜਾ ਨਿਰਧਾਰਿਤ ਥਾਵਾਂ ‘ਤੇ ਹੀ ਸੁੱਟਣ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਨੂੰ ਗਰੀਨ ਤੇ ਕਲੀਨ ਧਾਰਮਿਕ ਨਗਰੀ ਬਣਾਇਆ ਜਾ ਸਕੇ।