ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕ ਪੱਖੀ ਨੀਤੀਆਂ ਦੀ ਜਿੱਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜਿੱਤ ਨਾਲ ਪੰਜਾਬ ਸਰਕਾਰ ਹੋਰ ਵੀ ਸਮਰਪਣ ਦੀ ਭਾਵਨਾ ਨਾਲ ਕੰਮ ਕਰੇਗੀ।
ਪੰਜਾਬ ਭਵਨ ਚੰਡੀਗੜ੍ਹ ਵਿਖੇ ਖੋਲ੍ਹੇ ਗਏ ਡਾਈਨਿੰਗ ਹਾਲ ਦਾ ਉਦਘਾਟਨ ਕਰਨ ਪਿਛੋਂ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਤਿੰਨਾ ਸੀਟਾਂ ‘ਤੇ ਪਹਿਲਾਂ ਕਾਂਗਰਸ ਦਾ ਕਬਜਾ ਸੀ ਅਤੇ ਹੁਣ ਇਹ ਤਿੰਨੇ ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਹਨ। ਇਸਦਾ ਸਿੱਧਾ ਭਾਵ ਇਹੀ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰਾਂ ਖੁਸ਼ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਅੰਗ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦਾ ਮਸਲਾ ਸੁਲਝਾਉਣ ਦੀ ਕੋਸ਼ਿਸ਼ ਤਾਂ ਕਰ ਰਹੇ ਹਨ, ਪਰ ਪੰਜਾਬ ਦੇ ਕਿਸਾਨਾਂ ਦਾ ਮਸਲਾ ਸੁਲਝਾ ਨਹੀਂ ਸਕਦੇ।
ਦਿੱਲੀ ਦੀਆਂ ਚੋਣਾ ਬਾਰੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਾਵਾਈ ਵਿਚ ਅਗਲੀਆਂ ਚੋਣਾ ਵਿਚ ਵੀ ਦਿੱਲੀ ਵਿਚੋਂ ਆਮ ਆਦਮੀ ਪਾਰਟੀ ਪੂਰੀ ਬਹੁਮਤ ਨਾਲ ਚੋਣ ਜਿੱਤੇਗੀ।