
ਸੰਗਰੂਰ, 18 ਫਰਵਰੀ- ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਰਾਜ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਲੋਹਾ ਮਨਵਾ ਸਕਣ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ।
ਸ. ਚੀਮਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮੀ ਨਾਲ ਭਾਗ ਲੈਣ, ਕਿਉਂਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਅਨੁਸ਼ਾਸਨ, ਟੀਮ ਵਰਕ ਅਤੇ ਨੇਤ੍ਰਿਤਵ ਗੁਣਾਂ ਨੂੰ ਵੀ ਵਿਕਸਤ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਖੇਡ ਮੈਦਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਅਕਾਲ ਕਾਲਜ ਕੌਂਸਲ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਜੇਕਰ ਕੌਂਸਲ ਖੇਡਾਂ ਦੇ ਵਿਕਾਸ ਲਈ ਕੋਈ ਵੀ ਪ੍ਰਸਤਾਵ ਲਿਆਉਂਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਅਕਾਲ ਕਾਲਜ ਕੌਂਸਲ ਦੀ ਸਮੁੱਚੀ ਮੈਨੇਜਮੈਂਟ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਪਹੁੰਚੇ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਚੈਂਪੀਅਨਸ਼ਿਪ ਦੇ ਤੀਜੇ ਦਿਨ ਮੁਕਾਬਲੇ ਬੜੇ ਹੀ ਰੋਮਾਂਚਕ ਅਤੇ ਫਸਵੇਂ ਰਹੇ।
ਇਸ ਮੌਕੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ ਸਮੇਤ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੌਜੂਦ ਸਨ।