Tuesday, December 10Malwa News
Shadow

ਪੰਜਾਬ ਵਿਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇਦੀ ਪਿੜਾਈ

ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਇਕ ਹੋਰ ਵੱਡਾ ਫੈਸਲਾ ਕੀਤਾ ਹੈ। ਖੇਤੀ ਮੰਤਰੀ ਵਲੋਂ ਲਏ ਗਏ ਨਵੇਂ ਫੈਸਲੇ ਅਨੁਸਾਰ ਪੰਜਾਬ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ। ਚੰਡੀਗੜ੍ਹ ਵਿਖੇ ਹੋਈ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਲ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਖੇਤੀ ਮੰਤਰੀ ਨੇ ਸਾਰੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੰਨੇ ਦੀ ਖਰੀਦ ਦੇ ਮਾਮਲੇ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਨੇ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਹਰ ਮੁਸ਼ਕਲ ਦਾ ਤੁਰੰਤ ਹੱਲ ਕੀਤਾ ਜਾਵੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ ‘ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ।
ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਸ੍ਰੀ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਸ੍ਰੀ ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਸ੍ਰੀ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।