ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ
ਚੰਡੀਗੜ੍ਹ 18 ਸਤੰਬਰ- ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਜਲੰਧਰ ਵਿੱਚ ਸ਼ਹੀਦ ਭਗਤ ਸਿੰਘ ਚੌਕ 'ਚ ਆਯੋਜਿਤ ਵਿਸ਼ਾਲ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕੀਤੀ। ਇਸ ਦੌਰਾਨ ਪਾਰਟੀ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਵਰਗ 'ਤੇ ਬਹੁਤ ਵੱਡਾ ਆਰਥਿਕ ਬੋਝ ਹੈ। ਭਾਜਪਾ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਆਮ ਜਨਤਾ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦਾ ਬਜਟ ਵਿਗਾੜਨ ਵਾਲੀਆਂ ਰਹੀਆਂ...








