ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ
ਚੰਡੀਗੜ੍ਹ, 1 ਸਤੰਬਰ:- ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ, ਜਿਸ ਤਹਿਤ 138 ਨਵੇਂ ਭਰਤੀ ਕੀਤੇ ਮੈਡੀਕਲ ਅਫ਼ਸਰਾਂ ਨੂੰ ਸੱਤ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਗਿਆ ਹੈ। ਫਰੰਟਲਾਈਨ ਮੈਡੀਕਲ ਮੈਨਪਾਵਰ ਦੀ ਇਹ ਰਣਨੀਤਕ ਭਰਤੀ ਲੋਕਾਂ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਵੇਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਨੂੰ ਤੁਰੰਤ ਰਿਪੋਰਟ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਡੇ ਨਾਗਰਿਕਾਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤੇ ਅਹਿਮ ਤਰਜੀਹ ਹੈ। ਇਸ ਔਖੀ ਘੜੀ ਵਿੱਚ ਸਾਡੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਮੈਡੀਕਲ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਇਨ੍ਹਾਂ 138 ਡਾਕਟਰਾਂ ਦੀ ਮੌਜੂਦਗੀ ਬਹੁਤ ਅਹਿਮ ਹੈ।
...








