ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 21 ਅਗਸਤ: ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
...