ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਸਤੰਬਰ : ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਖ਼ੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ ਅਤੇ ਇਸ ਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਲੋੜੀਂਦੇ ਬਾਰਦਾਨੇ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖ਼ਰੀਦ ਦੌਰਾਨ ਝੋਨੇ ਦੀ ਭਰਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ...








