65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।
ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ 1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ, ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ । ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵ...








