
ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ
ਤਿਰੂਵਨੰਤਪੁਰਮ, 12 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ।
ਸੰਮੇਲਨ ਦੇ ਸਵੇਰ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਰਾਜ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ ਦੀ ਹੋਈ ਉਸਾਰੂ ਗੱਲਬਾਤ ਨੂੰ ਸਾਂਝੀ ਕੀਤਾ, ਸਮਾਜਿਕ ਅਤੇ ਵਿਕਾਸ ਸੰਬੰਧੀ ਖਰਚਿਆਂ ਵਿੱਚ ਭਾਰੀ ਅਸਮਾਨਤਾ ਵਰਗੇ ਮੁੱਦਿਆਂ ‘ਤੇ ਚਾਨਣਾ ਪਾਇਆ ਅਤੇ ਜੀ.ਐਸ.ਟੀ ਦੇ ਲਾਗੂ ਹੋਣ ਦੇ ਨਤੀਜੇ ਵਜੋਂ ਪੈਦਾ ਹੋਈਆਂ ਸੀਮਤ ਵਿੱਤੀ ਖੁਦਮੁਖਤਿਆਰੀ ਵਰਗੀਆਂ ਚਿੰਤਾਵਾਂ ਦਾ ਜਿਕਰ ਕੀਤਾ।...