ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਚੰਡੀਗੜ੍ਹ, 28 ਮਾਰਚ: "ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ।
ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ।
...








