ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਫਲੈਗ ਮਾਰਚ
ਚੰਡੀਗੜ੍ਹ, 25 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ਸੂਬੇ ਭਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ ਹੈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਗਏ। ...








