ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਰੂਪਨਗਰ, 27 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।
ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ, ਜਿਵੇਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਅਤੇ ਕਣਕ ਦੀ ਸਤਹੀ ਬਿਜਾਈ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਖੇਤੀਬਾੜੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਪਾਣੀ ਦੀ ਬੱਚਤ ਹੁੰਦੀ ਹੈ, ਮਿੱਟੀ ਵਿੱਚ ਸੂਖਮ ਜੀਵਾਣੂਆਂ ਦੀ ਗਿਣਤੀ ਵਧਦੀ ਹੈ, ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ ਅਤੇ ਮਿੱਟੀ ਨੂੰ ਜੈਵਿਕ ਪਦਾਰਥ ਮਿਲਦਾ ਹੈ।...








