ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼
*ਚੰਡੀਗੜ੍ਹ, 23 ਸਤੰਬਰ:*- ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ।
ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ।
...