ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ।
ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ।
ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।
...








