ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ
ਚੰਡੀਗੜ੍ਹ, 15 ਅਕਤੂਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ‘ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਅੱਜ "ਮਿਸ਼ਨ ਪੁਨਰਵਾਸ" ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ।
ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮੁੱਖ ਮੰਤਰੀ ਵੱਲੋਂ ਅਜਨਾਲਾ ਤੋਂ 631 ਪਰਿਵਾਰਾਂ ਨੂੰ 5.70 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਮਾਨ ਸਰਕਾਰ ਨੇ 45 ਦਿਨਾਂ ਦੇ ਟੀਚੇ ਤੋਂ ਬਹੁਤ ਪਹਿਲਾਂ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੱਕ ਦੀ ਰਾਸ਼ੀ ਅਤੇ ਪਸ਼ੂਆਂ ਲਈ ਢੁਕਵੀਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਰਕਮ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ ਪਾਈ ਗਈ ਹੈ। ...








