ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ
ਚੰਡੀਗੜ੍ਹ, 6 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤਾ ਗਿਆ ਸੀ। ...







