Saturday, August 15Malwa News
Shadow

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: * ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਰਾਸ਼ਟਰੀ ਨਾਇਕਾਂ ਦੇ ਪੂਰਨਿਆਂ ‘ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲ ‘ਰੰਗਲਾ ਪੰਜਾਬ’ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਕਤੀਕਰਨ ਦੀ ਇਹ ਭਾਵਨਾ ਪੂਰੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਨੌਜਵਾਨਾਂ ਲਈ ਰੋਜ਼ਗਾਰ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀ ਪਛਾਣ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖ ਕੇ ਵਧਾਈ ਜਾ ਰਹੀ ਹੈ।
ਇਸ ਸ਼ੁੱਭ ਦਿਹਾੜੇ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਫ਼ਿਰੋਜ਼ਪੁਰ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਅਤੇ ਹੋਰ ਰਾਸ਼ਟਰੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। 69,093 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਸੂਬੇ ਦੇ 88 ਫੀਸਦੀ ਖੇਤਾਂ ਨੂੰ ਹੁਣ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਨਾਲ-ਨਾਲ ਸੜਕ ਸੁਰੱਖਿਆ ਫੋਰਸ, ਪੰਜਾਬ ਦੇ ਵਿਕਾਸ ਅਤੇ ਸੁਰੱਖਿਆ ਨੂੰ ਮਜ਼ਬੂਤ ਕਰ ਰਹੀ ਹੈ। ਆਓ, ਮਿਲ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੀਏ। ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਇਨਕਲਾਬ ਜ਼ਿੰਦਾਬਾਦ।”
ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਆਪਣਾ 80ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਅਤੇ ਇਸ ਪਵਿੱਤਰ ਮੌਕੇ ‘ਤੇ ਮੈਂ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਿਰੋਜ਼ਪੁਰ ਨੂੰ ਸਿਜਦਾ ਕਰਦਾ ਹਾਂ, ਜਿਸ ਦਾ ਨਾਂ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਮੈਂ ਸਾਰਾਗੜ੍ਹੀ ਦੀ ਜੰਗ ਦੇ 21 ਬਹਾਦਰ ਸਿੱਖ ਸ਼ਹੀਦਾਂ ਨੂੰ ਵੀ ਯਾਦ ਕਰਦਾ ਹਾਂ, ਜਿਨ੍ਹਾਂ ਦੀ ਯਾਦ ਵਿੱਚ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਸੁਸ਼ੋਭਿਤ ਹੈ।”
ਹੁਸੈਨੀਵਾਲਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਦੇ ਕੰਢੇ ‘ਤੇ ਵਸਿਆ ਹੁਸੈਨੀਵਾਲਾ ਸਾਡੇ ਕੌਮੀ ਸ਼ਹੀਦਾਂ ਦੀ ਮਹਾਨ ਵਿਰਾਸਤ ਹੈ ਅਤੇ ਇਹ ਪਵਿੱਤਰ ਧਰਤੀ ਸਾਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਜੀਵਨ ਅਤੇ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ। ਮਹਾਨ ਇਨਕਲਾਬੀ ਬੁਟਕੇਸ਼ਵਰ ਦੱਤ ਅਤੇ ਸਰਦਾਰ ਭਗਤ ਸਿੰਘ ਜੀ ਦੇ ਮਾਤਾ ਵਿਦਿਆਵਤੀ ਜੀ ਦਾ ਅੰਤਿਮ ਸੰਸਕਾਰ ਵੀ ਇੱਥੇ ਹੀ ਕੀਤਾ ਗਿਆ ਸੀ। ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ‘ਵਿਰਾਸਤੀ ਕੰਪਲੈਕਸ’ ਬਣਾਇਆ ਜਾ ਰਹਾ ਹੈ। ਮੈਂ ਇਸ ਸਰਹੱਦੀ ਜ਼ਿਲ੍ਹੇ ਦੇ ਬਹਾਦਰ ਲੋਕਾਂ ਨੂੰ ਸਲਾਮ ਕਰਦਾ ਹਾਂ ਜੋ ਸਰਹੱਦ ਪਾਰ ਤੋਂ ਦੁਸ਼ਮਣਾਂ ਦੇ ਮਨਸੂਬਿਆਂ, ਕੁਦਰਤੀ ਆਫ਼ਤਾਂ ਅਤੇ ਹੋਰ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਦੇ ਹਨ।”
ਪੰਜਾਬ ਦੇ ਸਰਹੱਦੀ ਲੋਕਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਸਰਹੱਦ ‘ਤੇ ਰਹਿਣ ਵਾਲੇ ਲੋਕਾਂ ਵੱਲੋਂ ਦੇਸ਼ ਅਤੇ ਪੰਜਾਬ ਲਈ ਦਿੱਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੱਜ ਜਦੋਂ ਪੂਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ, ਮੈਂ ਦੇਸ਼ ਭਗਤਾਂ ਅਤੇ ਯੋਧਿਆਂ ਦੇ ਵਿਸ਼ਾਲ ਯੋਗਦਾਨ ਨੂੰ ਵੀ ਯਾਦ ਕਰਦਾ ਹਾਂ। ਦੇਸ਼ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਲੰਮਾ ਅਤੇ ਔਖਾ ਸੰਘਰਸ਼ ਕਰਨਾ ਪਿਆ ਅਤੇ 1947 ਵਿੱਚ ਦੇਸ਼ ਦੀ ਵੰਡ ਦੀ ਸਭ ਤੋਂ ਵੱਡੀ ਕੀਮਤ ਪੰਜਾਬ ਨੇ ਤਾਰੀ।”
ਵੰਡ ਦੇ ਦਰਦ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੱਖਾਂ ਪਰਿਵਾਰਾਂ ਨੂੰ ਆਪਣੇ ਘਰ-ਬਾਰ ਛੱਡਣ ਲਈ ਮਜਬੂਰ ਹੋਣਾ ਪਿਆ। ਅੱਜ ਵੀ ਹਰ ਪੰਜਾਬੀ ਸਰਹੱਦ ਪਾਰ ਰਹਿ ਗਏ ਸਾਡੇ ਪਵਿੱਤਰ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਅਰਦਾਸ ਕਰਦਾ ਹੈ। ਮਨੁੱਖੀ ਇਤਿਹਾਸ ਵਿੱਚ ਅਜਿਹਾ ਵੱਡਾ ਉਜਾੜਾ ਸ਼ਾਇਦ ਹੀ ਕਦੇ ਦੇਖਣ ਨੂੰ ਮਿਲਿਆ ਹੋਵੇ। ਸ਼ਬਦਾਂ ਵਿੱਚ ਇਹ ਇੱਕ ਦੇਸ਼ ਦੀ ਵੰਡ ਹੋ ਸਕਦੀ ਹੈ, ਪਰ ਅਸਲ ਵਿੱਚ ਇਹ ਪਰਿਵਾਰਾਂ, ਰਿਸ਼ਤਿਆਂ ਅਤੇ ਜਜ਼ਬਾਤਾਂ ਦੀ ਸਾਂਝ ਦੀ ਵੰਡ ਸੀ। ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਤਰਾਸਦੀ ਦੇ ਦਰਦ ਨੂੰ ਮਹਿਸੂਸ ਕਰਦੀਆਂ ਰਹਿਣਗੀਆਂ, ਫਿਰ ਵੀ ਸਾਨੂੰ ਇਸ ਗੱਲ ‘ਤੇ ਬਹੁਤ ਫਖ਼ਰ ਹੈ ਕਿ ਦੇਸ਼ ਭਗਤੀ ਦਾ ਜਜ਼ਬਾ ਪੰਜਾਬੀਆਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ।”
ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬੀਆਂ ਨੂੰ ਜ਼ੁਲਮ ਅਤੇ ਜਬਰ ਵਿਰੁੱਧ ਡਟਣ ਦੀ ਪ੍ਰੇਰਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਗੁੜ੍ਹਤੀ ਵਿੱਚ ਮਿਲੀ ਹੈ। ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਵਿੱਚ ਪੰਜਾਬੀ ਯੋਧੇ ਹਮੇਸ਼ਾ ਮੋਹਰੀ ਰਹੇ ਹਨ। ਕੂਕਾ ਲਹਿਰ, ਪਗੜੀ ਸੰਭਾਲ ਜੱਟਾ ਲਹਿਰ, ਗਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਤੋਂ ਲੈ ਕੇ ਅਨੇਕਾਂ ਹੋਰ ਅੰਦੋਲਨਾਂ ਤੱਕ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਜਲ੍ਹਿਆਂਵਾਲਾ ਬਾਗ ਦੇ ਸਾਕਾ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਨੇ ਦੇਸ਼ ਨੂੰ ਬ੍ਰਿਟਿਸ਼ ਹਕੂਮਤ ਵਿਰੁੱਧ ਇੱਕਜੁੱਟ ਕੀਤਾ। ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਬਾਬਾ ਰਾਮ ਸਿੰਘ ਅਤੇ ਮਦਨ ਲਾਲ ਢੀਂਗਰਾ ਸਮੇਤ ਹਜ਼ਾਰਾਂ ਪੰਜਾਬੀਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ।”
ਉਨ੍ਹਾਂ ਕਿਹਾ, “ਫਾਂਸੀ ਦੇ ਤਖ਼ਤੇ ‘ਤੇ ਚੜ੍ਹਨ ਵਾਲਿਆਂ, ਉਮਰ ਕੈਦ ਕੱਟਣ ਵਾਲਿਆਂ ਜਾਂ ਕਾਲੇ ਪਾਣੀ ਦੀ ਸਜ਼ਾ ਭੁਗਤਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਪੰਜਾਬੀ ਸਨ। ਗੁਆਂਢੀ ਦੇਸ਼ਾਂ ਦੁਆਰਾ ਭਾਰਤ ‘ਤੇ ਠੋਸੀਆਂ ਗਈਆਂ ਜੰਗਾਂ ਵਿੱਚ ਵੀ ਪੰਜਾਬ ਦੇ ਜਵਾਨਾਂ ਨੇ ਬਹਾਦਰੀ ਦੇ ਬੇਮਿਸਾਲ ਰਿਕਾਰਡ ਕਾਇਮ ਕੀਤੇ। ਮੈਂ ਇਨ੍ਹਾਂ ਮਹਾਨ ਕੁਰਬਾਨੀਆਂ ਅੱਗੇ ਸੀਸ ਝੁਕਾਉਂਦਾ ਹਾਂ। ਵਿਸ਼ਵ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਿੱਥੇ ਏਨੇ ਛੋਟੇ ਖੇਤਰ ਨੇ ਦੇਸ਼ ਲਈ ਏਡੀਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹੋਣ।”
ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਦੀ ਕੋਸ਼ਿਸ਼ ਕਰਨ ਵਾਲੀ ਤਾਕਤਾਂ ਨੂੰ ਵੰਗਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਤਿਹਾਸਕ ਮੌਕੇ ‘ਤੇ ਮੈਂ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਫ਼ਿਰਾਕ ਵਿੱਚ ਬੈਠੀਆਂ ਤਾਕਤਾਂ ਨੂੰ ਸਖ਼ਤ ਚੇਤਾਵਨੀ ਦਿੰਦਾ ਹਾਂ। ਪੰਜਾਬ ਦੀ ਪਵਿੱਤਰ ਧਰਤੀ ਨੇ ਹਮੇਸ਼ਾ ਇਕਜੁੱਟਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ਅਤੇ ਅਸੀਂ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਨ ਵਾਲੇ ਲੋਕ ਹਾਂ। ਇੱਥੇ ਸਿਰਫ਼ ਮੁਹੱਬਤ ਦੇ ਫੁੱਲ ਹੀ ਖਿੜ ਸਕਦੇ ਹਨ, ਨਫ਼ਰਤ ਦੇ ਨਹੀਂ।”
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਪੰਜਾਬ ਵਿੱਚ ਨਫ਼ਰਤ ਲਈ ਨਾ ਕੋਈ ਥਾਂ ਸੀ, ਨਾ ਅੱਜ ਹੈ ਅਤੇ ਨਾ ਹੀ ਕਦੇ ਹੋਵੇਗੀ। ਪੰਜਾਬੀ, ਪੰਜਾਬ ਵਿਰੋਧੀ ਤਾਕਤਾਂ ਨੂੰ ਸਿਰ ਚੁੱਕਣ ਨਹੀਂ ਦੇਣਗੇ। ਸੂਬੇ ਦੇ ਲੋਕਾਂ ਨੇ ਮੈਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਮੈਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਓ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ।”
ਆਪਣੀ ਸਰਕਾਰ ਦੁਆਰਾ ਲਏ ਗਏ ਫੈਸਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਲਾਇਆ ਗਿਆ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਇਤਿਹਾਸਕ ਫੈਸਲੇ ਲਏ ਹਨ। ਮੇਰੇ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।”
ਔਰਤਾਂ ਦੇ ਸ਼ਕਤੀਕਰਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਸਾਲ 2026 ਪੰਜਾਬ ਦੀਆਂ ਔਰਤਾਂ ਲਈ ਆਜ਼ਾਦੀ ਅਤੇ ਸ਼ਕਤੀਕਰਨ ਦਾ ਸਾਲ ਹੈ। ਸਾਡੀਆਂ ਮਾਵਾਂ-ਧੀਆਂ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਪਣੀ ਮਰਜ਼ੀ ਅਨੁਸਾਰ ਆਪਣੇ ਪੈਸੇ ਖਰਚਣ ਦੀ ਆਜ਼ਾਦੀ ਮਿਲੀ ਹੈ। ਹੁਣ ਤੱਕ 74 ਲੱਖ 59 ਹਜ਼ਾਰ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ 65 ਲੱਖ 62 ਹਜ਼ਾਰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਵਜੋਂ 2,274 ਕਰੋੜ 42 ਲੱਖ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਮੈਂ ਬਾਕੀ ਰਹਿੰਦੀਆਂ ਔਰਤਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਯੋਜਨਾ ਦਾ ਲਾਭ ਲੈਣ।”
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ, “4 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਨੈਣਾ ਦੇਵੀ ਅਤੇ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਕਰ ਚੁੱਕੇ ਹਨ। ਹੁਣ ਪੰਜਾਬ ਤੋਂ ਬਾਹਰਲੇ ਧਾਰਮਿਕ ਸਥਾਨਾਂ ਜਿਵੇਂ ਹਰਿਦੁਆਰ-ਰਿਸ਼ੀਕੇਸ਼, ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਅਤੇ ਮਥੁਰਾ-ਵ੍ਰਿੰਦਾਵਨ ਲਈ ਵੀ ਯਾਤਰਾਵਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਅਸੀਂ ਬਹੁਤ ਵਡਭਾਗੀ ਹਾਂ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲ ਰਿਹਾ ਹੈ। ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪਿਛਲੇ ਸਾਲ ਸਾਡੀ ਸਰਕਾਰ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸੀ।”
ਸਿਹਤ ਸੰਭਾਲ ਬਾਰੇ ਉਨ੍ਹਾਂ ਕਿਹਾ, “’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈੱਸ਼ਲੈਸ ਇਲਾਜ ਮਿਲ ਰਿਹਾ ਹੈ ਅਤੇ ਹੁਣ ਤੱਕ 3 ਲੱਖ ਤੋਂ ਵੱਧ ਮਰੀਜ਼ 1,100 ਕਰੋੜ ਰੁਪਏ ਦਾ ਕੈਸ਼ਲੇਸ ਇਲਾਜ ਕਰਵਾ ਚੁੱਕੇ ਹਨ। ਸੂਬੇ ਵਿੱਚ 1,090 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਰੋਜ਼ਾਨਾ ਲਗਭਗ 92,000 ਲੋਕ ਇਲਾਜ ਲਈ ਆਉਂਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੇ ਹਨ ਅਤੇ ਇਨ੍ਹਾਂ ਦੀਆਂ ਓ.ਪੀ.ਡੀ. ਵਿੱਚ ਲਗਭਗ 6 ਕਰੋੜ ਮਰੀਜ਼ ਆ ਚੁੱਕੇ ਹਨ। ਮੈਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਾ ਹਾਂ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਰਕੇ ਪੰਜਾਬ ਹੁਣ ਕੇਰਲ ਨੂੰ ਪਛਾੜ ਕੇ ਸਿੱਖਿਆ ਖੇਤਰ ਵਿੱਚ ਨੰਬਰ ਇੱਕ ਰਾਜ ਬਣ ਕੇ ਉੱਭਰਿਆ ਹੈ।”
ਸਿੱਖਿਆ ਖੇਤਰ ਦੀਆਂ ਉਪਲਬਧੀਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ, 361 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 64 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਸਾਲ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਨੀਟ ਪ੍ਰੀਖਿਆ ਪਾਸ ਕਰ ਸਕੇ ਸਨ। ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਬੈਚ ਸਿਖਲਾਈ ਲਈ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਭੇਜੇ ਜਾ ਰਹੇ ਹਨ, ਜਦੋਂ ਕਿ ‘ਸਕੂਲਜ਼ ਆਫ਼ ਐਮੀਨੈਂਸ’ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ।”
ਉਨ੍ਹਾਂ ਕਿਹਾ, “15,000 ਕੁੜੀਆਂ ਨੂੰ ਸਕੂਲ ਆਉਣ-ਜਾਣ ਲਈ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਹੁਣ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਨਾਲ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।”
‘ਮੇਰੀ ਰਸੋਈ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “40 ਲੱਖ ਲੋੜਵੰਦ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਰਾਸ਼ਨ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਹਰੇਕ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਚੀਨੀ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।”
ਸਿੰਚਾਈ ਖੇਤਰ ਵਿੱਚ ਆਪਣੀ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ। ਮੇਰੇ ਅਹੁਦਾ ਸੰਭਾਲਣ ਤੋਂ ਬਾਅਦ, ਨਹਿਰੀ ਸਿੰਚਾਈ ਅਧੀਨ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ। ਸਾਲ 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਅੱਜ ਨਹਿਰੀ ਸਿੰਚਾਈ 60 ਲੱਖ 30 ਹਜ਼ਾਰ ਏਕੜ ਤੱਕ ਪਹੁੰਚ ਗਈ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿਨ੍ਹਾਂ ਨੇ ਕਦੇ ਨਹਿਰੀ ਪਾਣੀ ਨਹੀਂ ਦੇਖਿਆ ਸੀ। ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ  ਸਪਲਾਈ ਵੀ ਕੀਤੀ ਜਾ ਰਹੀ ਹੈ।”
ਯੁੱਧ ਨਸ਼ਿਆਂ ਵਿਰੁੱਧ ਬਾਰੇ ਉਨ੍ਹਾਂ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਪੂਰੀ ਤਾਕਤ ਨਾਲ ਜੰਗ ਲੜ ਰਿਹਾ ਹੈ ਅਤੇ ਮੈਂ ਸਾਰੇ ਪੰਜਾਬੀਆਂ ਦਾ ਉਨ੍ਹਾਂ ਦੇ ਸਹਿਯੋਗ ਅਤੇ ਸਮਰਥਨ ਲਈ ਧੰਨਵਾਦ ਕਰਦਾ ਹਾਂ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਹੁਣ 500 ਦਿਨ ਪੂਰੇ ਹੋ ਗਏ ਹਨ। ਨਸ਼ਾ ਤਸਕਰਾਂ ਖ਼ਿਲਾਫ਼ 56,394 ਮਾਮਲੇ ਦਰਜ ਕੀਤੇ ਗਏ ਹਨ ਅਤੇ 75,000 ਤੋਂ ਵੱਧ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਦੇ ਖਾਤਮੇ ਲਈ ਪਿੰਡ ਅਤੇ ਵਾਰਡ ਪੱਧਰ ‘ਤੇ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਲਗਭਗ 1.25 ਲੱਖ ਵਲੰਟੀਅਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਧਿਆਂ ਵਾਂਗ ਕੰਮ ਕਰ ਰਹੇ ਹਨ। ਹਰ ਨਸ਼ਾ ਤਸਕਰ ਪੰਜਾਬ, ਸਮਾਜ ਅਤੇ ਸਾਡਾ ਸਭ ਦਾ ਦੁਸ਼ਮਣ ਹੈ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨਾਲ ਕੋਈ ਰਹਿਮ ਨਹੀਂ ਵਰਤੇਗੀ। ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਲੱਗਦੀ ਹੈ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਗਏ ਹਨ।”
ਰੋਜ਼ਗਾਰ ਬਾਰੇ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ‘ਨੋ ਕੈਸ਼, ਨੋ ਫਰਮਾਇਸ਼’ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ। ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਸਰਕਾਰ ਤੋਂ ਰੋਜ਼ਗਾਰ ਮਿਲਿਆ ਹੈ।”
ਭਾਰਤੀ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪਾਲਪ੍ਰੀਤ ਸਿੰਘ ਬਰਾੜ ਭਾਰਤ ਦੀ ਬਾਸਕਟਬਾਲ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਹਨ, ਸ਼ੁਭਮਨ ਗਿਲ ਪੁਰਸ਼ਾਂ ਦੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਹਨ ਅਤੇ ਹਰਮਨਪ੍ਰੀਤ ਕੌਰ ਮਹਿਲਾਵਾਂ ਦੀ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹੈ ਅਤੇ ਸਾਰੇ ਪੰਜਾਬੀ ਹਨ।”
ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਸ਼ੇਸ਼ ਤੌਰ ‘ਤੇ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਵੱਕਾਰੀ ਟਰਾਫੀ ਦੇ ਮੈਚ ਅਕਤੂਬਰ ਅਤੇ ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ 38 ਖੇਡ ਮੁਕਾਬਲੇ ਕਰਵਾਏ ਜਾਣਗੇ।”
ਖੇਤੀਬਾੜੀ ਬਾਰੇ ਮੁੱਖ ਮੰਤਰੀ ਨੇ ਕਿਹਾ, “ਪੰਜਾਬ 416 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ। ਮੈਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਰਚ, 2022 ਤੋਂ ਹੁਣ ਤੱਕ ਪੰਜਾਬ ਵਿੱਚ 1.83 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਲਗਭਗ 6 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਜਾਪਾਨ ਦੀ ਆਈਚੀ ਸਟੀਲ, ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਸੂਬੇ ਵਿੱਚ ਵੱਡਾ ਨਿਵੇਸ਼ ਕਰ ਰਹੀਆਂ ਹਨ, ਜਿਸ ਨਾਲ ਆਰਥਿਕ ਅਤੇ ਉਦਯੋਗਿਕ ਵਿਕਾਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।”
ਸੜਕ ਸੁਰੱਖਿਆ ਫੋਰਸ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪੰਜਾਬ ਦੀ ਆਪਣੀ ਤਰ੍ਹਾਂ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ, ਜਿਸ ਨੇ 25,000 ਤੋਂ ਵੱਧ ਲੋਕਾਂ ਨੂੰ ਮੁਢਲੀ ਸਹਾਇਤਾ ਦਿੱਤੀ ਹੈ। 35,000 ਤੋਂ ਵੱਧ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 50 ਫੀਸਦੀ ਤੋਂ ਵੱਧ ਕਮੀ ਆਈ ਹੈ। ਇਸ ਕਦਮ ਦੀ ਕੇਂਦਰ ਸਰਕਾਰ ਅਤੇ ਸੰਸਦ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਨਿਵਾਸੀਆਂ ਦੀ ਸਹੂਲਤ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਹਾ ਹੈ। ਜੁਲਾਈ, 2022 ਤੋਂ, ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ‘ਈਜ਼ੀ ਰਜਿਸਟਰੀ’ ਅਤੇ ‘ਈਜ਼ੀ ਜਮ੍ਹਾਬੰਦੀ’ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।”
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਬਾਰੇ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਦੇ ਮਹਾਨ ਯੋਗਦਾਨ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।”
ਪੰਜਾਬੀਆਂ ਨੂੰ ਸ਼ਹੀਦਾਂ ਦੇ ਆਦਰਸ਼ਾਂ ਪ੍ਰਤੀ ਸਮਰਪਿਤ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਇਸ ਇਤਿਹਾਸਕ ਦਿਨ ‘ਤੇ ਸਾਨੂੰ ਸਾਰਿਆਂ ਨੂੰ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਪਵਿੱਤਰ ਸੰਕਲਪ ਲੈਣਾ ਚਾਹੀਦਾ ਹੈ। ਆਓ, ਅਸੀਂ ਆਪਣੇ ਪੰਜਾਬ ਨੂੰ ਇੱਕ ਵਾਰ ਫਿਰ ‘ਰੰਗਲਾ ਪੰਜਾਬ’, ਖੁਸ਼ਹਾਲ ਅਤੇ ਪ੍ਰਫੁੱਲਤ ਪੰਜਾਬ ਬਣਾਉਣ ਦਾ ਅਹਿਦ ਲਈਏ।”
*ਸ਼ਾਨਦਾਰ ਪਰੇਡ, ਸੱਭਿਆਚਾਰਕ ਵੰਨਗੀਆਂ ਅਤੇ ਪ੍ਰਾਪਤੀਆਂ ਦਰਸਾਉਂਦੀਆਂ ਝਾਕੀਆਂ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਚਾਰ ਚੰਨ ਲਾਏ*
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਬੀ.ਐਸ.ਐਫ, ਪੀ.ਏ.ਪੀ., ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ (NCC), ਸਕਾਊਟਸ ਐਂਡ ਗਾਈਡਜ਼ ਅਤੇ ਪੰਜਾਬ ਪੁਲਿਸ ਬੈਂਡ ਦੀਆਂ ਟੁਕੜੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਧੀਰੇਂਦਰ ਵਰਮਾ (ਆਈ.ਪੀ.ਐਸ.) ਅਤੇ ਸਹਾਇਕ ਪਰੇਡ ਕਮਾਂਡਰ ਪ੍ਰੀਤ ਕਮਲ ਸਿੰਘ (ਪੀ.ਪੀ.ਐਸ.) ਨੇ ਕੀਤੀ।
ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਗਿੱਧਾ, ਭੰਗੜਾ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਹੋਰ ਰਵਾਇਤੀ ਲੋਕ ਨਾਚਾਂ ਦੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਸਮਾਗਮ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’, ‘ਮਾਵਾਂ ਧੀਆਂ ਸਤਿਕਾਰ ਯੋਜਨਾ’, ‘ਮੁੱਖ ਮੰਤਰੀ ਸਿਹਤ ਯੋਜਨਾ’, ਖੇਤੀਬਾੜੀ ਖੇਤਰ, ਜੰਗਲਾਤ ਅਤੇ ਹੋਰ ਖੇਤਰਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।