ਚੰਡੀਗੜ੍ਹ 24 ਅਕਤੂਬਰ : ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਵਾਲੀ ਖਬਰ ਆਈ ਹੈ ਕਿ ਹੁਣ ਜਲਦੀ ਹੀ ਪੰਜਾਬ ਵਿਚੋਂ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ ਹੋ ਜਾਵੇਗੀ। ਭਾਵੇਂ ਇਸ ਸਬੰਧੀ ਪਹਿਲਾਂ ਵੀ ਸਰਕਾਰ ਵਲੋਂ ਐਲਾਨ ਕੀਤਾ ਜਾ ਚੁੱਕਾ ਹੈ, ਪਰ ਅਜੇ ਤੱਕ ਤਹਿਸੀਲਦਾਰਾਂ ਵਲੋਂ ਐਨ ਓ ਸੀ ਦੀ ਸ਼ਰਤ ਖਤਮ ਨਹੀਂ ਕੀਤੀ ਗਈ ਸੀ। ਹੁਣ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਜਿਸਟਰੀ ਤੋਂ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਇਹ ਸ਼ਰਤ ਖਤਮ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਬਿੱਲ ਪਾਸ ਕੀਤਾ ਗਿਆ ਸੀ। ਇਹ ਬਿੱਲ ਪਾਸ ਹੋਣ ਪਿਛੋਂ ਹੁਣ ਪੰਜਾਬ ਦੇ ਰਾਜਪਾਲ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ। ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਬਿੱਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜੂਰੀ ਪਿਛੋਂ ਹੁਣ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਅਤੇ ਜਲਦੀ ਹੀ ਪੰਜਾਬ ਵਿਚ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ।
ਹੁਣ ਇਸ ਬਿੱਲ ਨਾਲ ਗੈਰਕਾਨੂੰਨੀ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ, ਇਸ ਕਾਨੂੰਨ ਦੇ ਲਾਗੂ ਹੋਣ ਨਾਲ ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਵੀ ਹੋਵੇਗੀ। ਉਨ੍ਹਾਂ ‘ਤੇ ਜਿੱਥੇ ਭਾਰੀ ਜੁਰਮਾਨਾ ਲੱਗੇਗਾ, ਉੱਥੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਵੀ ਹੋਵੇਗੀ।
ਪੰਜਾਬ ਵਿਧਾਨ ਸਭਾ ਵਿੱਚ ਤਿੰਨ ਸਤੰਬਰ ਨੂੰ ‘ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਵਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਬਿੱਲ ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਗਿਆ ਸੀ। ਹਾਲਾਂਕਿ ਇਸ ਵਿੱਚ ਇੱਕ ਗੱਲ ਸਾਫ਼ ਹੈ ਕਿ ਇਸ ਆਦੇਸ਼ ਨਾਲ ਨਾਜਾਇਜ਼ ਕਲੋਨੀਆਂ ਰੈਗੂਲਰ ਨਹੀਂ ਹੋਣਗੀਆਂ, ਸਗੋਂ ਸਿਰਫ਼ ਪਲਾਟ ਹੀ ਰੈਗੂਲਰ ਹੋ ਸਕਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਕਾਫੀ ਸਮੇਂ ਤੋਂ ਐਨ ਓ ਸੀ ਦੀ ਸ਼ਰਤ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਤਕਨੀਕੀ ਕਾਰਨਾਂ ਕਰਕੇ ਇਹ ਸੰਭਵ ਨਹੀਂ ਹੋ ਸਕਿਆ ਸੀ। ਹੁਣ ਰਾਜਪਾਲ ਦੀ ਮਨਜੂਰੀ ਪਿਛੋਂ ਇਸ ਬਿੱਲ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇਗਾ। ਹੁਣ ਅਗਲੇ ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਹੋਣ ਪਿਛੋਂ ਐਨ ਓ ਸੀ ਦੀ ਸ਼ਰਤ ਬਿੱਲਕੁੱਲ ਖਤਮ ਹੋ ਜਾਵੇਗੀ